14ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਡੀ.ਐਮ. ਕਾਲਜ ਵਿਖੇ

ਮੋਗਾ, 15 ਜਨਵਰੀ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦੇ 14ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਡੀ.ਐਮ. ਕਾਲਜ ਮੋਗਾ ਵਿਖੇ ਮਨਾਇਆ ਜਾਵੇਗਾ। ਇਹ ਪ੍ਰੋਗਰਾਮ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਵੋਟਰ ਸੂਚੀ ਦੀ ਸੁਧਾਈ ਯੋਗਤਾ ਮਿਤੀ 1.1.2024 ਅਨੁਸਾਰ 18-19 ਸਾਲ ਦੇ ਕੁੱਲ 3702 ਵੋਟਰ ਰਜਿਸਟਰਡ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਬਣੇ ਵੋਟਰਾਂ ਨੂੰ ਵੋਟਰ ਦਿਵਸ ਵਾਲੇ ਦਿਨ ਫੋਟੋ ਵੋਟਰ ਸ਼ਨਾਖਤੀ ਕਾਰਡ ਵੰਡੇ ਜਾਣਗੇ। ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਇਹ ਵੋਟਰ ਦਿਵਸ ਆਪਣੇ ਹਲਕੇ/ਤਹਿਸੀਲ ਪੱਧਰ ਤੇ ਮਨਾਇਆ ਜਾਵੇਗਾ। ਜ਼ਿਲ੍ਹੇ ਦੇ ਕੁੱਲ 804 ਬੀ.ਐਲ.ਓਜ਼ ਵੱਲੋਂ ਆਪੋ-ਆਪਣੇ ਪੋਲਿੰਗ ਸਟੇਸ਼ਨ ਤੇ ਨਵੇਂ ਬਣੇ ਵੋਟਰਾਂ ਨੂੰ ਸ਼ਨਾਖਤੀ ਕਾਰਡ ਵੰਡ ਕੇ ਵੋਟਰ ਦਿਵਸ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਚੰਗੇ ਲੋਕਤੰਤਰ ਦੇ ਨਿਰਮਾਣ ਵਿੱਚ ਸਾਡੀ ਵੋਟ ਬੜਾ ਹੀ ਮਹੱਤਵਪੂਰਨ ਰੋਲ ਅਦਾ ਕਰਦੀ ਹੈ। ਚੋਣਾਂ ਵਿੱਚ ਵੱਧ ਤੋਂ ਵੱਧ ਫੀਸਦੀ ਵੋਟਿੰਗ ਦੇਸ਼ ਦੇ ਵਿਕਾਸ ਵਿੱਚ ਵਧੀਆ ਹਿੱਸਾ ਪਾਉਂਦੀ ਹੈ, ਇਸ ਲਈ ਹਰ ਇੱਕ ਨਾਗਰਿਕ ਨੂੰ ਇਸਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਇਸ ਦਿਨ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਣ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਾਰੀਆਂ ਵੋਟਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਪ੍ਰਣ ਲੈਣਗੇ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਵੋਟਰਾਂ, ਖਾਸ ਕਰਕੇ ਨਵੇਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਬੇਡਰ ਅਤੇ ਬਿਨ੍ਹਾਂ ਕਿਸੇ ਲਾਲਚ ਤੋਂ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਅਤੇ ਸਮੂਹ ਨਿੱਜੀ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਆਪਣੀ ਵੋਟ ਦਾ ਯਕੀਨੀ ਤੌਰ ਤੇ ਅਤੇ ਬਿਨ੍ਹਾਂ ਕਿਸੇ ਲਾਲਾਚ ਤੋਂ ਇਸਤੇਮਾਲ ਕਰਨ ਦਾ ਪ੍ਰਣ ਲੈਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਬਜੁਰਗ ਅਤੇ ਦਿਵਿਆਂਗ ਵੋਟਰਾਂ ਲਈ ਵੋਟਾਂ ਵਾਲੇ ਦਿਨਾਂ ਵਿੱਚ ਸਪੈਸ਼ਲ ਸੁਵਿਧਾਵਾਂ ਜਿਵੇਂ ਕਿ ਹਰ ਇੱਕ ਬੂਥ ਉੱਪਰ ਟ੍ਰਾਈਸਾਈਕਲ, ਵਾਰਡਾਂ ਵਿੱਚ ਇਨ੍ਹਾਂ ਵੋਟਰਾਂ ਲਈ ਵਹੀਕਲਾਂ ਦੀ ਸਹੂਲਤ ਆਦਿ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਕਿ ਵੋਟ ਦੇ ਅਧਿਕਾਰ ਦਾ ਇਸਤੇਮਾਲ ਹਰ ਇੱਕ ਵਰਗ ਬਿਨ੍ਹਾਂ ਕਿਸੇ ਮੁਸ਼ਕਿਲ ਤੋਂ ਕਰ ਸਕੇ ਅਤੇ ਚੰਗੇ ਲੋਕਤੰਤਰ ਦਾ ਨਿਰਮਾਣ ਹੋ ਸਕੇ।

Leave a Reply

Your email address will not be published. Required fields are marked *