ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ:
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 17 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਗੁਰਦੁਆਰਾ ਬੋਰਡ/ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਭਲਕੇ 17 ਜਨਵਰੀ ਨੂੰ ਸਾਰੇ ਗੁਰਦੁਆਰਾ ਸਾਹਿਬਾਨ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਮੱਥਾ ਟੇਕਣ ਲਈ ਪੁੱਜਦੀਆਂ ਹਨ।
ਉਨ੍ਹਾਂ ਕਿਹਾ ਕਿ ਪਟਵਾਰੀ ਅਤੇ ਬੂਥ ਲੈਵਲ ਅਫ਼ਸਰ ਸਾਰੇ ਗੁਰਦੁਆਰਿਆਂ ਵਿੱਚ ਹਾਜ਼ਰ ਰਹਿਣਗੇ ਅਤੇ ਵੋਟਰ ਰਜਿਸਟ੍ਰੇਸ਼ਨ ਫਾਰਮ ਇਕੱਤਰ ਕਰਨਗੇ। ਉਨ੍ਹਾਂ ਨੇ ਯੋਗ ਸਿੱਖ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਦਾ ਵਿਸ਼ੇਸ਼ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਾਰਮ ਲੋਕਾਂ ਨੂੰ ਮੌਕੇ ‘ਤੇ ਹੀ ਉਪਲਬਧ ਕਰਵਾਏ ਜਾਣਗੇ ਅਤੇ ਜ਼ਿਲ੍ਹੇ ਦੀ ਵੈੱਬਸਾਈਟ SASNagar.nic.in ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।
ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ 21 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਕੇਸ਼ਾਧਾਰੀ ਸਿੱਖਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਜਾਗਰੂਕ ਕਰਨ।
ਜ਼ਿਕਰਯੋਗ ਹੈ ਕਿ ਉਕਤ ਚੋਣਾਂ ਲਈ ਵਿਅਕਤੀ ਦਾ ਕੇਸਧਾਰੀ ਸਿੱਖ ਹੋਣਾ ਜ਼ਰੂਰੀ ਹੈ। ਦਾੜ੍ਹੀ ਕੱਟਣ ਜਾਂ ਕਟਵਾਉਣ ਵਾਲੇ, ਤੰਬਾਕੂਨੋਸ਼ੀ ਕਰਦੇ ਜਾਂ ਸ਼ਰਾਬ ਦਾ ਸੇਵਨ ਕਰਦੇ ਲੋਕ ਵੋਟਰ ਵਜੋਂ ਰਜਿਸਟਰ ਨਹੀਂ ਹੋ ਸਕਦੇ।