ਚੰਡੀਗੜ੍ਹ, 17 ਜਨਵਰੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਣ ਦਾ ਸੱਦਾ ਦਿੱਤਾ।
ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਲਈ ਚੁਣਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਲੋਕਾਂ ਲਈ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਗਣਤੰਤਰ ਦਿਵਸ ਮੌਕੇ ਸੜਕ ਸੁਰੱਖਿਆ ਫੋਰਸ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਫੋਰਸ ਕਪੂਰਥਲਾ ਵਿਖੇ ਸਿਖਲਾਈ ਲੈ ਰਹੀ ਹੈ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਤੇ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਨੂੰ ਰੋਕਣ, ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਦੀ ਜਾਂਚ ਦਾ ਕੰਮ ਸੌਂਪਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ ਲਗਪਗ 130 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਬਾਅਦ ਸੜਕਾਂ ਉੱਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਲੀਡਰ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਸਮਰਪਣ ਬੇਮਿਸਾਲ ਹੈ, ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲੈ ਜਾਣ ਲਈ ਸਹੀ ਢੰਗ ਨਾਲ ਵਰਤਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਸਬ-ਇੰਸਪੈਕਟਰ ਤੱਕ ਦੀਆਂ ਵੱਖ-ਵੱਖ ਅਸਾਮੀਆਂ ਲਈ ਨਿਯਮਤ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਨਵੈਸਟੀਗੇਸ਼ਨ ਕਾਡਰ ਵਿੱਚ ਨਵੇਂ ਭਰਤੀ ਕੀਤੇ ਗਏ 200 ਸਿਵਲੀਅਨ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਕਾਨੂੰਨੀ ਅਫ਼ਸਰ, ਸਹਾਇਕ ਕਾਨੂੰਨੀ ਅਫ਼ਸਰ, ਵਿੱਤੀ ਅਫ਼ਸਰ, ਸਹਾਇਕ ਵਿੱਤੀ ਅਫ਼ਸਰ ਅਤੇ ਫੋਰੈਂਸਿਕ ਅਫ਼ਸਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਤਫ਼ਤੀਸ਼ੀ ਕਾਡਰ ਲਈ ਪਹਿਲੀ ਵਾਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਵਿੱਚ 245 ਨਵੇਂ ਸਬ-ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਨਵੈਸਟੀਗੇਸ਼ਨ ਕੇਡਰ ਵਿੱਚ ਨਵੇਂ ਭਰਤੀ ਹੋਏ ਹੌਲਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਹੌਲਦਾਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ (ਪੀ.ਬੀ.ਓ.ਆਈ.) ਵਿੰਗ ਵਿੱਚ ਹੌਲਦਾਰਾਂ ਦੀ ਭਰਤੀ ਨਾਲ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਦਰ ਵਿੱਚ ਹੋਰ ਵਾਧਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰਾਂ ਦੀ ਭਰਤੀ ਨਾਲ ਵੱਖ-ਵੱਖ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਬਲ ਨੂੰ ਹੁਲਾਰਾ ਮਿਲੇਗਾ ਅਤੇ ਡੂੰਘਾਈ ਨਾਲ ਜਾਂਚ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਾਂਸਟੇਬਲ ਦੀਆਂ 1746 ਅਸਾਮੀਆਂ ਅਤੇ ਸਬ-ਇੰਸਪੈਕਟਰ ਦੀਆਂ 288 ਅਸਾਮੀਆਂ ਲਈ ਸਾਲਾਨਾ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਜਾਰੀ ਰੱਖੇਗੀ ਤਾਂ ਜੋ ਹਰ ਨੌਜਵਾਨ ਨੂੰ ਇਸ ਵੱਕਾਰੀ ਪੁਲਿਸ ਫੋਰਸ ਦਾ ਹਿੱਸਾ ਬਣਨ ਦਾ ਮੌਕਾ ਮਿਲ ਸਕੇ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਚੈਨ ਦੀ ਨੀਂਦ ਯਕੀਨੀ ਬਣਾਉਣ ਲਈ ਦਿਨ-ਰਾਤ ਡਿਊਟੀ ਨਿਭਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ ‘ਤੇ ਧਿਆਨ ਕੇਂਦਰਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵੀ ਲਿਆਂਦਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫਰਜ਼ ਨੂੰ ਨਿਭਾਉਣ ਤੋਂ ਇਲਾਵਾ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਪੁਲਿਸ ਤੋਂ ਸਿਆਸੀ ਦਬਾਅ ਦੂਰ ਕੀਤਾ ਜਾਵੇ ਤਾਂ ਜੋ ਉਹ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਿਆਸੀ ਬਦਲਾਖੋਰੀ ਕਾਰਨ ਬੇਕਸੂਰ ਲੋਕਾਂ ‘ਤੇ ਝੂਠੇ ਪਰਚੇ ਪਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਇਹ ਯੰਤਰ ਕੁਸ਼ਲਤਾ ਵਧਾਉਣ ਲਈ ਪੁਲਿਸ ਦੇ ਹੱਥਾਂ ਵਿੱਚ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਰਹੱਦ ਪਾਰੋਂ ਤਸਕਰੀ, ਨਾਰਕੋ ਅਤਿਵਾਦ, ਗੈਂਗਸਟਰਾਂ ਦੇ ਰੂਪ ਵਿੱਚ ਸੰਗਠਿਤ ਅਪਰਾਧ ਸਮੇਤ ਹੋਰ ਕਈ ਚੁਣੌਤੀਆਂ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਦਾ ਬਹਾਦਰੀ ਨਾਲ ਸਾਹਮਣਾ ਕਰਨ ਦੇ ਸਮਰੱਥ ਹੈ।.