ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀ ਸਮੱਸਿਆ ਦੇ ਹੱਲ ਲਈ ਹੋਈ ਵਿਚਾਰ ਚਰਚਾ

ਫਰੀਦਕੋਟ 0 6 ਦਸੰਬਰ (          )

ਬੁੱਢੇ ਦਰਿਆ ਵਿੱਚ ਲੁਧਿਆਣੇ ਇਲਾਕੇ ਦੀਆਂ ਫੈਕਟਰੀਆਂ, ਕਾਰਖਾਨਿਆਂ, ਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦੇ ਪੈਂਦੇ ਪਾਣੀ ਨਾਲ ਸਤਲੁਜ ਅਤੇ ਬਿਆਸ ਦੇ ਪ੍ਰਦੂਸ਼ਿਤ ਹੁੰਦੇ ਜਾ ਰਹੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਨਰੋਆ ਪੰਜਾਬ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਗ੍ਰਹਿ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਵੱਖ ਵੱਖ ਬੁਲਾਰਿਆਂ ਦੇ ਵਿਚਾਰ ਸੁਣਨ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਇਸ ਸਮੱਸਿਆ ਦੇ ਹੱਲ ਲਈ ਸਰਕਾਰ ਵਲੋਂ ਬੜੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ।

 ਇੰਜੀ. ਜਸਕੀਰਤ ਸਿੰਘ ਲੁਧਿਆਣਾ ਨੇ ਉਕਤ ਸਮੱਸਿਆ ਬਾਰੇ ਵਿਸਥਾਰ ਵਿੱਚ ਚਾਨਣਾ ਪਾਉਂਦਿਆਂ ਦੱਸਿਆ ਕਿ ਅੱਜ ਬੁੱਢੇ ਨਾਲੇ ਰਾਹੀਂ ਸਤਲੁਜ ਵਿੱਚ ਸੁੱਟੇ ਜਾ ਰਹੇ ਪ੍ਰਦੂਸ਼ਿਤ ਪਾਣੀ ਕਾਰਨ ਸਮੁੱਚਾ ਮਾਲਵਾ ਖੇਤਰ ਅਤੇ ਰਾਜਸਥਾਨ ਦੇ 15 ਜ਼ਿਲ੍ਹੇ ਭਿਆਨਕ ਬਿਮਾਰੀਆਂ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੱਸਿਆ ਕਿ ਫੈਕਟਰੀਆਂ, ਕਾਰਖਾਨਿਆਂ, ਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਅਤੇ ਕੂੜਾ ਕਰਕਟ ਬੁੱਢੇ ਨਾਲੇ ਵਿੱਚ ਸੁੱਟ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਮੇ ਸਮੇ ਦੀਆਂ ਸਰਕਾਰਾਂ ਨੇ ਵੀ ਬੁੱਢੇ ਨਾਲੇ ਦੀ ਸਫਾਈ ਲਈ ਕਰੋੜਾਂ ਰੁਪਿਆ ਰਾਖਵਾਂ ਰੱਖਣ ਦੇ ਦਾਅਵੇ ਕੀਤੇ ਪਰ ਸਮੱਸਿਆ ਪਹਿਲਾਂ ਨਾਲੋਂ ਵੀ ਗੰਭੀਰ ਅਤੇ ਪੇਚੀਦਾ ਹੁੰਦੀ ਜਾ ਰਹੀ ਹੈ। ਉਨ੍ਹਾ ਅੰਕੜਿਆਂ ਸਹਿਤ ਦਲੀਲ ਨਾਲ ਸਮਝਾਉਂਦਿਆਂ ਦੱਸਿਆ ਕਿ ਵੱਖ ਵੱਖ ਉਦਯੋਗਪਤੀਆਂ ਵਲੋਂ ਇਸ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ, ਐਨ.ਜੀ.ਟੀ. ਅਤੇ ਅਦਾਲਤਾਂ ਨੂੰ ਵੀ ਗਲਤ ਅੰਕੜੇ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ।

ਗੁਰਪ੍ਰੀਤ ਸਿੰਘ ਚੰਦਬਾਜਾ ਨੇ ਆਖਿਆ ਕਿ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਇਸ ਸਮੱਸਿਆ ਦੇ ਹੱਲ ਲਈ ਗਠਿਤ ਕੀਤੀ ਗਈ ਕਮੇਟੀ ਨੂੰ ਵੀ ਜਲਦੀ ਰਿਪੋਰਟ ਦੇਣ  ਦੀ ਮੰਗ ਕੀਤੀ ਗਈ।

 ਹਰਵਿੰਦਰ ਸਿੰਘ ਮਰਵਾਹਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਮਹਿੰਦਰ ਪਾਲ ਲੂੰਬਾ, ਮੱਘਰ ਸਿੰਘ ਫਰੀਦਕੋਟ, ਗੁਰਚਰਨ ਸਿੰਘ ਨੂਰਪੁਰ, ਡਾ. ਗੁਰਇੰਦਰ ਮੋਹਨ ਸਿੰਘ, ਦਲੇਰ ਸਿੰਘ ਡੋਡ, ਰਾਜਪਾਲ ਸਿੰਘ ਹਰਦਿਆਲੇਆਣਾ ਆਦਿ ਨੇ ਸਰਕਾਰ ਤੋਂ ਇਸ ਗੰਭੀਰ ਸਮੱਸਿਆ ਦੇ ਜਲਦੀ ਹੱਲ ਦੀ ਅਪੀਲ ਕੀਤੀ।

ਸਪੀਕਰ ਸੰਧਵਾਂ ਨੇ ‘ਕਾਲੇ ਪਾਣੀ ਦਾ ਮੋਰਚਾ’ ਵਾਲੇ ਆਗੂਆਂ ਦੇ ਸਹਿਜ, ਸੰਜਮ, ਸਿਆਣਪ ਅਤੇ ਜਾਬਤੇ ’ਚ ਰਹਿਣ ਵਾਲੀ ਨੀਤੀ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਇਸ ਸਮੱਸਿਆ ਦਾ ਹੱਲ ਜਲਦ ਅਤੇ ਜਰੂਰ ਕੱਢਿਆ ਜਾਵੇਗਾ, ਕਿਉਂਕਿ ਸਰਕਾਰ ਵੀ ਇਸ ਮਾਮਲੇ ਦੇ ਹੱਲ ਲਈ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ ‘ਆਪ’, ਅਮਨਦੀਪ ਸਿੰਘ ਸੰਧੂ ਪੀ.ਏ., ਡਾ ਮਨਜੀਤ ਸਿੰਘ ਢਿੱਲੋਂ, ਜਸਕਰਨ ਸਿੰਘ ਭੱਟੀ, ਆਦਿ ਸਮੇਤ ਵੱਖ ਵੱਖ ਸੰਸਥਾਵਾਂ ਦੇ ਆਗੂ ਵੀ ਹਾਜਰ ਸਨ।

Leave a Reply

Your email address will not be published. Required fields are marked *