ਫਿਰੋਜ਼ਪੁਰ, 8 ਫਰਵਰੀ 2024.
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਬਦੌਲਤ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਲੋਕਾਂ ਦੇ ਕੰਮ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਮੌਕੇ ਤੇ ਹੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ.ਰਣਬੀਰ ਸਿੰਘ ਭੁੱਲਰ ਨੇ ਪਿੰਡ ਮਸਤੇ ਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਏ ਗਏ “ਸਰਕਾਰ ਆਪ ਦੇ ਦੁਆਰ” ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਦਾ ਨਿਪਟਾਰਾ ਕਰਦਿਆਂ ਕੀਤਾ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਰਾਜ ਭਰ ਵਿਚ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ “ਸਰਕਾਰ ਆਪ ਦੇ ਦੁਆਰ” ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆ 44 ਤਰ੍ਹਾਂ ਦੀਆਂ ਸੇਵਾਵਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲੋਕਾਂ ਨੂੰ ਇਕੋ ਜਗ੍ਹਾ ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਲੋਕਾਂ ਨੂੰ ਆਸਾਨੀ ਨਾਲ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਮੁਹੱਈਆ ਕਰਵਾਈਆਂ ਜਾ ਸਕਣ।
ਸ. ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਸਰਕਾਰ ਵੱਲੋਂ ਪਬਲੀਸਿਟੀ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ ਸ. ਬਲਰਾਜ ਸਿੰਘ ਕਟੋਰਾ, ਬੀ.ਡੀ.ਪੀ.ਓ. ਸ੍ਰੀ ਪਿਆਰ ਸਿੰਘ, ਸ੍ਰੀ ਰਾਜ ਬਹਾਦਰ ਸਿੰਘ, ਸ੍ਰੀ ਅਮਰਿੰਦਰ ਸਿੰਘ ਚੀਮਾ, ਸ੍ਰੀ ਦਿਲਬਾਗ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਦਵਿੰਦਰ ਸਿੰਘ ਟੋਨਾ ਆਦਿ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।