Shadow

ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਰੂਪਨਗਰ, 17 ਜੂਨ: ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 37ਵੀਂ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਕਾਰਜਕਾਰੀ ਅਧਿਕਾਰੀਆਂ (ਈ.ਓਜ਼), ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਵਾਤਾਵਰਣ ਸੁਰੱਖਿਆ ਅਤੇ ਸਫ਼ਾਈ ਨਾਲ ਸਬੰਧਿਤ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ (ਐਸ.ਯੂ.ਪੀ.) ਦੀ ਵਰਤੋਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਨੂੰ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਯਕੀਨੀ ਬਣਾਏ ਜਾਣ ਤਾਂ ਜੋ ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾ ਸਕੇ।
ਡਾ. ਅਕਸ਼ਿਤਾ ਗੁਪਤਾ ਨੇ ਉਦਯੋਗਿਕ ਇਕਾਈਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਥਾਪਿਤ ਐਫਲੂਐਂਟ ਟਰੀਟਮੈਂਟ ਪਲਾਂਟ (ਈ.ਟੀ.ਪੀ.) ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਦੀ ਕਾਰਗੁਜ਼ਾਰੀ ਅਤੇ ਨਿਯਮਿਤ ਨਿਗਰਾਨੀ ਸਬੰਧੀ ਵੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਪਲਾਂਟਾਂ ਦਾ ਸੰਚਾਲਨ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੋਵੇ ਤਾਂ ਜੋ ਜਲ ਸਰੋਤਾਂ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੀਂਹ ਦੇ ਪਾਣੀ ਦੀ ਨਿਰਵਿਘਨ ਨਿਕਾਸੀ ਲਈ ਡਰੇਨਾਂ ਦੀ ਸਮੇਂ ਸਿਰ ਸਫ਼ਾਈ ਕਰਵਾਈ ਜਾਵੇ ਅਤੇ ਸੰਭਾਵਿਤ ਜਲ ਭਰਾਅ ਵਾਲੇ ਖੇਤਰਾਂ ਦੀ ਪਛਾਣ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਸਾਫ਼-ਸੁਥਰੇ ਮਾਹੌਲ ਦੀ ਸਿਰਜਣਾ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਵਾਤਾਵਰਣ ਸੁਰੱਖਿਆ ਨੂੰ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਣ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੀਟਿੰਗ ਵਿੱਚ ਹਾਜ਼ਰ ਸਮੂਹ ਈ.ਓਜ਼, ਬੀ.ਡੀ.ਪੀ.ਓਜ਼ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਵਾਤਾਵਰਣ ਸੁਰੱਖਿਆ ਨਾਲ ਸਬੰਧਿਤ ਮੁੱਦਿਆਂ ‘ਤੇ ਸਰਗਰਮ ਭਾਗੀਦਾਰੀ ਕੀਤੀ ਅਤੇ ਆਪਣੇ ਸੁਝਾਅ ਵੀ ਸਾਂਝੇ ਕੀਤੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਵਾਤਾਵਰਣ ਸੁਰੱਖਿਆ ਨਾਲ ਸਬੰਧਿਤ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਂਝੇ ਯਤਨ ਜਾਰੀ ਰੱਖਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *