ਨਸ਼ਾ ਮੁਕਤੀ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨਿਕ ਤਾਲਮੇਲ ਜ਼ਰੂਰੀ : ਐਸ.ਐਸ.ਪੀ ਸੰਦੀਪ ਕੁਮਾਰ ਮਲਿਕ

ਹੁਸ਼ਿਆਰਪੁਰ, 21 ਮਈ :
ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚਾਲੇ ਮਜ਼ਬੂਤ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਹੀ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ।
ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਐਂਟੀ ਡਰੱਗ ਡੀ-ਅਡੀਸ਼ਨ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਅਤੇ ਐਸ.ਪੀ ਮੇਜਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਅਤੇ ਗ੍ਰਾਮ ਪੰਚਾਇਤਾਂ ਦੀਆਂ ਜ਼ਮੀਨਾਂ ‘ਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਬਾਰੇ ਵੀ ਚਰਚਾ ਕੀਤੀ ਅਤੇ ਇਨ੍ਹਾਂ ਮਾਮਲਿਆਂ ਵਿਚ ਢੁਕਵੀਂ ਕਾਰਵਾਈ ਲਈ ਨਿਰਦੇਸ਼ ਦਿੱਤੇ।
ਐਸ.ਐਸ.ਪੀ ਮਲਿਕ ਨੇ ਓਟ ਸੈਂਟਰਾਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਸਥਿਤੀ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਸੈਂਟਰਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਹੈ ਤਾਂ ਜੋ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਛੁਡਾਊ ਯਾਤਰਾਵਾਂ ਨੂੰ ਸਫਲ ਬਣਾਉਣ ਲਈ ਇਕ ਠੋਸ ਰਣਨੀਤੀ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਜਨਤਕ ਭਾਗੀਦਾਰੀ ਵਧਾ ਕੇ ਅਤੇ ਵਿਆਪਕ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ, ਤਾਂ ਹੀ ਇਸ ਗੰਭੀਰ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਮੀਟਿੰਗ ਵਿਚ ਮੌਜੂਦ ਅਧਿਕਾਰੀਆਂ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਪੱਧਰ ‘ਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਾਂਝੀ ਕਾਰਵਾਈ ਲਈ ਇਕ ਢਾਂਚਾ ਤਿਆਰ ਕਰਨ ‘ਤੇ ਚਰਚਾ ਕੀਤੀ। ਐਸ.ਐਸ.ਪੀ ਮਲਿਕ ਨੇ ਭਰੋਸਾ ਦਿੱਤਾ ਕਿ ਸਖ਼ਤ ਨਿਗਰਾਨੀ ਅਤੇ ਠੋਸ ਕਦਮਾਂ ਰਾਹੀਂ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ ਦੀ ਨਿਯਮਤ ਤੌਰ ‘ਤੇ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਪੱਧਰ ‘ਤੇ ਕੋਈ ਢਿੱਲ ਨਾ ਰਹੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *