ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਢੀਂਗਰਾ ਪੈਲੇਸ,ਕੋਟਕਪੂਰਾ ਰੋਡ ਵਿਖੇ ਕਿਸਾਨ ਮੇਲਾ 12 ਜੂਨ ਨੂੰ ਲੱਗੇਗਾ- ਡਾ.ਅਮਰੀਕ ਸਿੰਘ

ਫਰੀਦਕੋਟ 8 ਫਰਵਰੀ 2024 ( ) ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਹੋ ਰਹੇ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ.ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਫਰੀਦਕੋਟ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ(ਆਤਮਾ) ਅਤੇ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਢੀਂਗਰਾ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਲਗਾਇਆ ਜਾਵੇਗਾ, ਜਿਸ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।
ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ.ਅਵੀਨਿੰਦਰ ਸਿੰਘ ਬਾਹੀਆ, ਡਾ.ਚਰਨਜੀਤ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ,ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਸਮੇਤ ਸਮੂਹ ਅਧਿਕਾਰੀ ਹਾਜ਼ਰ ਸਨ।
        ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਨਰਮੇ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ ਮਿਤੀ 12 ਜੂਨ 2024 ਦਿਨ ਬੁੱਧਵਾਰ ਨੂੰ ਅਤਿ ਦੀ ਪੈ ਰਹੀ ਗਰਮੀ ਅਤੇ ਕਿਸਾਨਾਂ ਦੀ ਸਹੂਲਤ ਲਈ ਢੀਂਗਰਾ ਪੈਲੇਸ ਕੋਟਕਪੂਰਾ ਫਰੀਦਕੋਟ ਵਿਖੇ ਲਗਾਇਆ ਜਾਵੇਗਾ।ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਹੋਣਗੇ, ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ।ਉਨਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਕਰਨਗੇ ਅਤੇ ਪ੍ਰਧਾਨਗੀ ਸੰਯੁਕਤ ਨਿਰਦੇਸ਼ਕ(ਪੌਦ ਸੁਰੱਖਿਆ) ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਕਰਨਗੇ।
                 ਉਨਾਂ ਦੱਸਿਆ ਕਿ ਇਸ ਮੌਕੇ ਇਸ ਮੇਲੇ ਦਾ ਮੁੱਖ ਉਦੇਸ਼ “ਰੱਬੀ ਦਾਤਾਂ ਬਚਾਈਏ,ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੀਏ” ਹੋਵੇਗਾ ਤਾਂ ਜੋ ਸਾਲ 2024 ਦੌਰਾਨ ਜ਼ਿਲਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨੂੰ ਸਾੜਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲੈ ਕੇ ਆ ਸਕੀਏ।ਉਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ,ਅਗਾਂਹਵਧੂ ਕਿਸਾਨ, ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਅਤੇ ਆਪਣੇ ਤਜ਼ਰਬੇ ਸਾਂਝੇ ਕਰਕੇ ਤਕਨੀਕੀ ਜਾਣਕਾਰੀ ਦੇਣਗੇ ।ਉਨਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ, ਬਾਗਬਾਨੀ,ਪਸ਼ੂ ਪਾਲਣ,ਸਿਹਤ ਵਿਭਾਗ,ਡੇਅਰੀ ਵਿਭਾਗ,ਮੱਛੀ ਪਾਲਣ,ਸਹਿਕਾਰਤਾ ਵਿਭਾਗ,ਬੈਂਕ ,ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਉਨਾਂ ਸਮੂਹ ਖੇਤੀਬਾੜੀ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੂਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ।ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।

Leave a Reply

Your email address will not be published. Required fields are marked *