Tuesday, March 17
Shadow

ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 11 ਅਪ੍ਰੈਲ 2024 : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਮੀਟਿੰਗ ਸਥਾਨਕ ਆਤਮਾ ਮੀਟਿੰਗ ਹਾਲ ਵਿੱਚ ਕੀਤੀ ਗਈ, ਜਿਸ ਵਿੱਚ ਖਾਦ ਹੋਲ ਸੇਲ ਅਤੇ ਨਰਮੇ ਦਾ ਬੀਜ ਵਿਕਰੇਤਾ ਸ਼ਾਮਿਲ ਹੋਏ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ।
ਮੀਟਿੰਗ ਵਿੱਚ ਮੌਜੂਦ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਿਲਾ ਫਰਦਿਕੋਟ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਮੁਢਲੀ ਜਿੰਮੇਵਾਰੀ ਹੈ ਤਾਂ ਜੋ ਫ਼ਸਲਾਂ ਦੇ ਉਤਪਾਦਨ ਵਿੱਚ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਖੇਤੀ ਸਮੱਗਰੀ ਵਿਕ੍ਰੇਤਾ ,ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵਿੱਚ ਅਹਿਮ ਕੜੀ ਦਾ ਕੰਮ ਕਰਦੇ ਹਨ ਅਤੇ ਹਰੇਕ ਡੀਲਰ ਨੂੰ ਖੇਤੀ ਤਕਨੀਕਾਂ ਦੀ ਜਾਣਕਾਰੀ ਪੱਖੋਂ ਮਜ਼ਬੂਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਤਕਨੀਕ ਪੱਖੋਂ ਮਜ਼ਬੂਤ ਹੋਣ ਲਈ ਹਰੇਕ ਡੀਲਰ ਦੇ ਕਾਉਂਟਰ ਉਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪ੍ਰਕਾਸ਼ਤ ਕੀਤੀ ਜਾਂਦੀ ਹਾੜੀ-ਸਾਉਣੀ ਦੀਆ ਫਸਲਾਂ ਦੀਆਂ ਕਾਸ਼ਤਕਾਰੀ ਸਿਫਾਰਸ਼ਾਂ ਦੀ ਕਿਤਾਬ ਅਤੇ ਚੰਗੀ ਖੇਤੀ ਮੈਗਜ਼ੀਨ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾਂ ਨਰਮੇ ਦਾ ਬੀਜ ਕਿਸਾਨਾਂ ਨੂੰ ਵੇਚਣ ਉਪਰੰਤ ਬਿੱਲ ਜ਼ਰੂਰ ਦਿੱਤਾ ਜਾਵੇ l ਉਨ੍ਹਾਂ ਕਿਹਾਂ ਨਰਮੇ ਦੀ ਸਫ਼ਲ ਕਾਸ਼ਤ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਪ੍ਰਵਾਨਤ ਕਿਸਮ ਦਾ ਹੀ ਵੇਚਿਆ ਜਾਵੇ ਅਤੇ ਕਿਸਾਨ ਗ਼ੈਰ ਪ੍ਰਵਾਨਿਤ ਕਿਸਮ ਦਾ ਬੀਜ ਨਾਂ ਵੇਚਿਆ ਜਾਵੇ l
ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਸੇਲ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985,ਇਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।
 ਇਸ ਮੀਟਿੰਗ ਵਿੱਚ ਆਲ ਇੰਡੀਆ ਡੀਲਰਜ ਐਸੋਸੀਏਸ਼ਨ ਦੇ ਸਕੱਤਰ ਸੁਰਿੰਦਰ ਸਿੰਘ ਬੜੀਵਾਲਾ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਕਿਸਾਨੀ ਦੀ ਸੇਵਾ ਵਿੱਚ ਬਣਦਾ ਯੋਗਦਾਨ ਪਾਇਆ ਜਾਵੇਗਾ ਅਤੇ ਵਿਭਾਗੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ l ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. ਰੁਪਿੰਦਰ ਸਿੰਘ, ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸਮੇਤ ਹੋਰ ਅਧਿਕਾਰੀ ਅਤੇ ਖੇਤੀਬਾੜੀ ਸਮੱਗਰੀ ਵਿਕਰੇਤਾ ਹਾਜ਼ਰ ਸਨ l

Leave a Reply

Your email address will not be published. Required fields are marked *