ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 28 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਪ੍ਰਗਟਾਏ।
ਯੂਨੀਅਨ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਮੰਗਾਂ ‘ਤੇ ਖੁਰਾਕ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ। ਸਮਾਜ ਦੇ ਇਸ ਵਰਗ ਪ੍ਰਤੀ ਸਰਕਾਰ ਦੀ ਸੁਹਿਰਦਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਢੋਆ-ਢੁਆਈ ਤੇ ਅਣਲੋਡਿੰਗ ਦੇ ਕੰਮ ਸਬੰਧੀ ਪੱਲੇਦਾਰਾਂ ਲਈ ਤਜਰਬੇ ਦੀ ਸ਼ਰਤ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਉਪਰੰਤ ਮੰਡੀ ਲੇਬਰ ਚਾਰਜਿਜ਼ ਦੀ ਸਮਾਂ ਸੀਮਾ ਸੋਧ ਕੇ 1 ਸਾਲ ਤੈਅ ਕੀਤੀ ਗਈ ਜੋ ਕਿ ਪਹਿਲਾਂ 3 ਸਾਲ ਸੀ।
ਇਸ ਮੌਕੇ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉਚਿਤ ਪੱਧਰ ‘ਤੇ ਉਠਾਇਆ ਜਾਵੇਗਾ ਅਤੇ ਇਹਨਾਂ ਦੇ ਹੱਲ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਖਰਚਾ) ਮੁਹੰਮਦ ਤਈਅਬ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ, ਕਿਰਤ ਵਿਭਾਗ ਦੇ ਵਧੀਕ ਸਕੱਤਰ ਡਾ.ਸੋਨਾ ਥਿੰਦ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਮੌਜੂਦ ਸਨ।

Leave a Reply

Your email address will not be published. Required fields are marked *