ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ
ਚੰਡੀਗੜ੍ਹ, 2 ਦਸੰਬਰ
ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਵੱਖ-ਵੱਖ ਟੈਕਸਾਂ ਨੂੰ ਜੀ.ਐਸ.ਟੀ ਵਿੱਚ ਸ਼ਾਮਲ ਕਰਨ ਨਾਲ ਸੂਬਿਆਂ ਨੂੰ ਹੋ ਰਹੇ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਇਹ ਸਿਫਾਰਿਸ਼ ਅੱਜ ਮੁਆਵਜ਼ਾ ਸੈੱਸ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਦੌਰਾਨ ਕੀਤੀ ਗਈ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵਸਤੂਆਂ ਅਤੇ ਸੇਵਾਵਾਂ (ਰਾਜਾਂ ਨੂੰ ਮੁਆਵਜ਼ਾ) ਐਕਟ 2017 ਦੇ ਅਨੁਸਾਰ ਜੀ.ਐਸ.ਟੀ ਕੌਂਸਲ ਕੋਲ ਮੁਆਵਜ਼ੇ ਦੀ ਮਿਆਦ ਨੂੰ ਪੰਜ ਸਾਲਾਂ ਤੋਂ ਅੱਗੇ ਵਧਾਉਣ ਦੀ ਸਿਫ਼ਾਰਸ਼ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਨਾਜ 'ਤੇ ਖਰ...








