Sunday, September 20
Shadow

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਸ਼ੁਰੂਆਤ

ਸਾਹਨੇਵਾਲ, ਲੁਧਿਆਣਾ, 18 ਸਤੰਬਰ: ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਿੰਡ ਮੁੰਡੀਆਂ ਵਿਖੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਜੀਵਨ ਦਾ ਆਧਾਰ ਹੈ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਫ਼ਾਈ ਸਬੰਧੀ ਚੰਗੀਆਂ ਆਦਤਾਂ ਅਪਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪਿੰਡਾਂ ਵਿੱਚ ਸਵੱਛਤਾ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ।

ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਨੰਬਰ-2 ਦੇ ਸੋਸ਼ਲ ਅਤੇ ਆਈ.ਈ.ਸੀ. ਵਿੰਗ ਵੱਲੋਂ ਸਵੱਛਤਾ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਫ਼ਾਈ ਦੀ ਮਹੱਤਤਾ, ਸਾਫ਼ ਪਾਣੀ ਦੀ ਵਰਤੋਂ, ਸਿਹਤਮੰਦ ਜੀਵਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।

ਵਿਭਾਗ ਵੱਲੋਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਮੁਹਿੰਮ ਦੌਰਾਨ ਸਵੱਛਤਾ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਣੇ ਪਿੰਡਾਂ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਸੁੰਦਰ ਬਣਾਉਣ ਲਈ ਸਾਂਝੇ ਯਤਨ ਕਰਨ।

‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਉਦੇਸ਼ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਸਮਾਜ ਦੇ ਹਰ ਵਰਗ ਨੂੰ ਸਵੱਛਤਾ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮੁਹਿੰਮ ਦੀ ਸਫ਼ਲਤਾ ਲਈ ਪੰਚਾਇਤਾਂ, ਵਿਭਾਗੀ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੀ ਸਾਂਝੀ ਭਾਗੀਦਾਰੀ ਅਹਿਮ ਭੂਮਿਕਾ ਨਿਭਾਏਗੀ।

Leave a Reply

Your email address will not be published. Required fields are marked *