Shadow

ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ, 15 ਅਗਸਤ 2026 (          ) – ਅੰਮ੍ਰਿਤਸਰ ਵਿਖੇ ਦੇਸ਼ ਦੀ ਅਜ਼ਾਦੀ ਦਾ 80ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸ਼ਾਹਨ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਵੱਲੋਂ ਨਿਭਾਈ ਗਈ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ `ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਚੁੱਕੀ ਸੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਿਆ ਗਿਆ ਤੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। ਬਹੁਤ ਸਾਰੀਆਂ ਲੋਕ ਪੱਖੀ ਸਕੀਮਾਂ ਤੇ ਨੀਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁਰੂ ਕੀਤੀਆਂ ਹਨ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ। ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1 ਫ਼ੀਸਦੀ ਰਾਖਵੇਂਕਰਨ ਦਾ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕੀਤਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਆਦਿ ਅਜਿਹੇ ਫੈਸਲੇ ਹਨ ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ।

ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਗਲੀਆਂ ਪੀੜ੍ਹੀਆਂ ਨੂੰ ਇਸ ਵਿਰਾਸਤ ਤੋਂ ਜਾਣੂੰ ਕਰਵਾਉਣ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਇਸ ਮਕਸਦ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਤ ਕੀਤਾ ਜਾ ਰਿਹਾ ਹੈ ਜੋ 10 ਏਕੜ ਤੋਂ ਵੱਧ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ।

ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 6 ਲੱਖ 50 ਹਜਾਰ ਬੂਟੇ ਲਗਾਉਣ ਅਤੇ 6 ਲੱਖ 50 ਹਜਾਰ ਯਾਦਗਾਰੀ ਝੰਡੇ ਵੰਡਣ ਸਬੰਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਤਹਿਤ 50 ਮੋਬਾਈਲ ਵੈਨਾਂ ਵੀ ਸਾਰੇ ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ `ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋ ਅਪ੍ਰੈਲ 2022 ਤੋਂ 30 ਜੂਨ 2026 ਤੱਕ 7225 ਰੋਜ਼ਗਾਰ ਮੇਲੇ ਲਗਾ ਕੇ 4 ਲੱਖ 3 ਹਜਾਰ 794 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਅਤੇ ਆਪਣਾ ਕੰਮ ਖੋਲ੍ਹਣ ਵਾਸਤੇ (ਸਵੈ- ਰੋਜ਼ਗਾਰ) 2 ਲੱਖ 5 ਹਜਾਰ 85 ਉਮੀਦਵਾਰਾਂ ਦੇ ਕਰਜ਼ੇ ਬੈਂਕਾਂ ਰਾਹੀਂ ਮਨਜੂਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਯੋਜਨਾ ਤਹਿਤ 10,542 ਉਮੀਦਵਾਰਾਂ ਨੂੰ ਹੁਨਰਮੰਦ ਕੀਤਾ ਗਿਆ ਅਤੇ 876 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਇਆ ਗਿਆ। ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ 4 ਸਾਲਾਂ ਵਿੱਚ 1,24,197 ਉਮੀਦਵਾਰਾਂ ਦੀ ਸਿਖਲਾਈ ਕਰਵਾਈ ਗਈ ਅਤੇ 61,267 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਗਏ ਹਨ। ਪੰਜਾਬ ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ), ਉੱਦਮਤਾ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਪਾਠਕ੍ਰਮ ਨੂੰ ਸਕੂਲਾਂ ਵਿੱਚ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਦੇਸ਼ ਭਰ ਵਿੱਚੋਂ ਸਕੂਲੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਅਜਨਾਲਾ ਖੇਤਰ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਬਹੁ-ਤਕਨੀਕੀ ਕਾਲਜ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਗਈ ਹੈ ਜਿਸ ਅਧੀਨ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਯੋਗ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2 ਲੱਖ 83 ਹਜਾਰ 762 ਕਾਰਡ ਬਣਾਏ ਜਾ ਚੁੱਕੇ ਹਨ। 24 ਹਜਾਰ 257 ਲਾਭਪਾਤਰੀਆਂ ਨੇ ਆਪਣਾ ਇਲਾਜ ਕਰਵਾਇਆ ਹੈ, ਜਿਸ ਉਤੇ 98 ਕਰੋੜ 51 ਲੱਖ ਰੁਪਏ ਤੋਂ ਵੱਧ ਖਰਚ ਆਇਆ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੇ 1,090 ਆਮ ਆਦਮੀ ਕਲੀਨਿਕਾਂ ਵਿੱਚ 6 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ 354 ਕਿਸਮ ਦੀਆਂ ਜ਼ਰੂਰੀ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 93 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 52 ਹੋਰ ਆਮ ਆਦਮੀ ਕਲੀਨਿਕ ਜਲਦੀ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 52 ਲੱਖ 95 ਹਜ਼ਾਰ 989 ਲੋਕ ਇਲਾਜ ਕਰਵਾ ਚੁੱਕੇ ਹਨ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦਾ ਸਤਿਕਾਰ ਤੇ ਸਨਮਾਨ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਹੁਣ ਤੱਕ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ, ਜਦਕਿ 1 ਅਗਸਤ 2026 ਤੱਕ 65 ਲੱਖ 62 ਹਜ਼ਾਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਾਈ ਜਾ ਚੁੱਕੀ ਹੈ। ਇਸ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਲਈ ਮੁਫ਼ਤ ਬੱਸ ਸਫ਼ਰ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 298 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਘਰੇਲੂ ਵਰਤੋਂ ਲਈ ਮਹੀਨੇ ਦੀ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਕਾਰਨ ਤਕਰਬੀਨ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਮੁਫਤ ਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਦਰਾਂ ਉਤੇ 437 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਹੁਣ ਨਾਗਰਿਕ ਆਪਣੇ ਘਰ ਬੈਠੇ ਹੀ 1076 ਹੈਪਲਲਾਈਨ ਉਤੇ ਕਾਲ ਕਰਕੇ 437 ਨਾਗਰਿਕ ਸੇਵਾਵਾਂ ਹਾਸਲ ਕਰ ਸਕਦੇ ਹਨ। 1.17 ਲੱਖ ਪੈਨਸ਼ਨਰਾਂ ਨੂੰ ਉਨਾਂ ਦੇ ਘਰਾਂ ਤੋਂ ਹੀ ਜੀਵਨ ਪ੍ਰਮਾਣ ਪੱਤਰ ਅਤੇ ਈ-ਕੇ.ਵਾਈ.ਸੀ. ਜਮ੍ਹਾਂ ਕਰਨ ਦੀ ਸਹੂਲਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਰੰਗਲਾ ਪੰਜਾਬ ਵਿਕਾਸ ਸਕੀਮ ਦਾ ਬਜਟ 2025-26 ਦੇ 585 ਕਰੋੜ ਰੁਪਏ ਤੋਂ ਵਧਾ ਕੇ ਸਾਲ 2026-27 ਲਈ 1,170 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਸਿੱਖਿਆ, ਸਿਹਤ, ਖੇਡਾਂ, ਪੀਣ ਵਾਲਾ ਪਾਣੀ, ਸਾਫ਼-ਸਫ਼ਾਈ ਅਤੇ ਪੇਂਡੂ ਵਿਕਾਸ ਨਾਲ ਜੁੜੇ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਭਲਾਈ ਯੋਜਨਾਵਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ। ਅਖ਼ੀਰ ਵਿੱਚ ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕਰਦੇ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਆਓ, ਅਸੀਂ ਸਾਰੇ ਰਲ ਮਿਲ ਕੇ ਆਪਣੇ ਪਿਆਰੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹੰਭਲਾ ਮਾਰੀਏ।

ਇਸ ਤੋਂ ਬਾਅਦ ਅਜ਼ਾਦੀ ਸਮਾਗਮ ਦੌਰਾਨ ਪਰੇਡ ਕਮਾਂਡਰ ਏ.ਸੀ.ਪੀ. ਗਗਨਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ, ਸਕਾਊਟਸ ਅਤੇ ਗਾਈਡਜ਼, ਪੰਜਾਬ ਪੁਲਿਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ।

ਸਮਾਗਮ ਦੌਰਾਨ ਮੁੱਖ ਮਹਿਮਾਨ ਸ੍ਰੀ ਅਮਨ ਅਰੋੜਾ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ਼੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਸ੍ਰੀ ਅਮਨ ਅਰੋੜਾ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਯਾਦਗਾਰੀ ਚਿੰਨ ਦੇ ਕੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ, ਅੰਮ੍ਰਿਤਸਰ ਪੱਛਮੀਂ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰੀ ਗੁਰਪ੍ਰਾਤਪ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਰੁਪਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪ੍ਰਗਤੀ ਸੇਠੀ, ਚੇਅਰਮੈਨ ਸ੍ਰੀ ਸਤਪਾਲ ਸੋਖੀ, ਸਾਬਕਾ ਮੰਤਰੀ ਬੀਬੀ ਲਕਸ਼ਮੀਕਾਂਤਾ ਚਾਵਲਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ, ਚੇਅਰਮੈਨ ਪਨਸਪ ਸ੍ਰੀ ਪ੍ਰਭਬੀਰ ਸਿੰਘ ਬਰਾੜ, ਸ੍ਰੀ ਜਸਕਰਨ ਬੰਦੇਸ਼ਾ, ਸ੍ਰੀ ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ. ਸਰਬਜੋਤ ਸਿੰਘ ਧੰਜਲ, ਲੋਕ ਸਭਾ ਹਲਕਾ ਇੰਚਾਰਜ ਸ. ਜਰਨੈਲ ਸਿੰਘ ਢੋਟ, ਪੰਜਾਬ ਰਾਜ ਟਰੇਡ ਕਮਿਸ਼ਨ ਦੇ ਸੂਬਾ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਸਮੇਤ ਅਤੇ ਹੋਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *