ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਮਾਨਸਾ, 15 ਅਗਸਤ:
ਦੇਸ਼ ਦੀ ਅਜ਼ਾਦੀ ਦਾ 78ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਮਾਜਰਾ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅੱਜ ਅਸੀਂ 78ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ—ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 01 ਕਰੋੜ ਰੁਪਏ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਰਾਜ ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਦਿਵਿਆਂਗ ਹੋਏ ਸੈਨਿਕਾਂ ਲਈ ਐਕਸ—ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕੀਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਦਿਵਿਆਂਗ ਸੈਨਿਕਾਂ ਲਈ ਐਕਸ—ਗ੍ਰੇਸ਼ੀਆ ਗ੍ਰਾਂਟ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਦਿਵਿਆਂਗ ਸੈਨਿਕਾਂ ਲਈ ਐਕਸ—ਗ੍ਰੇਸ਼ੀਆ ਗ੍ਰਾਂਟ 05 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕੀਤੀ ਗਈ ਹੈ। ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ—1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰ ਰਹੀ ਹੈ, ਜਿੰਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫ਼ੌਜ ਵਿਚ ਸੇਵਾ ਨਿਭਾਅ ਚੁੱਕੇ ਹਨ। ਸੂਬਾ ਸਰਕਾਰ ਨੇ ਇਹ ਵਿੱੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ।
ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿਚ 02 ਲੱਖ 52 ਹਜ਼ਾਰ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਾਲ 2023—24 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਲਈ 17 ਹਜ਼ਾਰ 112 ਕਿਸਾਨਾਂ ਨੂੰ 20 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ ਹੈ। ਪਿਛਲੇ 28 ਮਹੀਨਿਆਂ ਦੌਰਾਨ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਵਿੱਚ 42,406 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਰਕਬਾ ਹੁਣ ਵਧ ਕੇ 04 ਲੱਖ 81 ਹਜ਼ਾਰ 616 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿਹਾ ਜਦੋਂ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਸੀ, ਉਦੋਂ ਖੇਤਾਂ ਦੀ ਸਿੰਜਾਈ ਵਾਸਤੇ ਸਿਰਫ 21 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਅੱਜ ਸਿੰਜਾਈ ਲਈ 72 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਸੰਜੀਵ ਕੁਮਾਰ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਕੈਬਨਿਟ ਮੰਤਰੀ ਸ੍ਰ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ। ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਉਨ੍ਹਾਂ ਦੇ ਕੰਮਾਂ ਅਤੇ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਮੁੱਖ ਮਹਿਮਾਨ ਵੱਲੋਂ ਪਹਿਲੇ ਤੇ ਦੂਜੇ ਦਰਜੇ ’ਤੇ ਆਉਣ ਵਾਲੀਆਂ ਪੇਸ਼ਕਾਰੀਆਂ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵੱਲੋਂ ਕੈਬਨਿਟ ਮੰਤਰੀ ਸ੍ਰ. ਚੇਤਨ ਸਿੰਘ ਜੌੜਾਮਾਜਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰ ਐਚ.ਐਸ. ਗਰੇਵਾਲ ਸਮੇਤ ਜੁਡੀਸ਼ੀਅਲ ਟੀਮ, ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਆਈ.ਜੀ. ਸ੍ਰੀ ਹਰਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਪ੍ਰਰਮਵੀਰ ਸਿੰਘ, ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ, ਸੀਨੀਅਰ ਆਗੂ ਆਮ ਆਦਮੀ ਪਾਰਟੀ ਸ੍ਰੀ ਚੁਸ਼ਪਿੰਦਰਬੀਰ ਚਹਿਲ, ਡਾਂ ਲਖਵਿੰਦਰ ਸਿੰਘ ਮੂਸਾ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *