Tuesday, September 29
Shadow

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜਲਦ ਹੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ ਜਿਸ ਸਬੰਧੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਪਿੰਡ ਪੱਧਰੀ ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇ ਤਾਂ ਜੋ ਲੋੜੀਂਦੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਚੱਲ ਰਹੀ ਪ੍ਰਕਿਰਿਆ ਦਾ ਰੈਗੂਲਰ ਜਾਇਜ਼ਾ ਲਿਆ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡਾਂ ਦੀ ਵੰਡ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨੇ ਮਾਲ ਅਧਿਕਾਰੀਆਂ ਨੂੰ ਪੈਡਿੰਗ ਪਏ ਇੰਤਕਾਲ ਦੇ ਮਾਮਲਿਆਂ ਨੂੰ ਵੀ ਤਰਜ਼ੀਹ ਦੇ ਆਧਾਰ ’ਤੇ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਦੱਸਿਆ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਤਹਿਸੀਲ ਗੜ੍ਹਸ਼ੰਕਰ ਅਤੇ ਚੱਬੇਵਾਲ ਦੇ ਪਿੰਡ ਗੋਹਗੜੋਂ ਵਿਖੇ 104 ਪ੍ਰਾਪਰਟੀ ਕਾਰਡ ਅਤੇ ਸ਼ਾਮਚੁਰਾਸੀ ਦੇ ਪਿੰਡ ਬੁੱਬ ਵਿਖੇ 26 ਕਾਰਡ ਲਾਭਪਾਤਰੀਆਂ ਨੂੰ ਸਪੁਰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਕੀਮ ਸਬੰਧੀ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡਣ ਲਈ ਪਿੰਡਾਂ ਵਿਚ ਚੱਲ ਰਹੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਕੇ ਉਨ੍ਹਾਂ ਦੀ ਮਾਲਕੀ ਦੇ ਹੱਕ ਵਾਲੇ ਕਾਰਡ ਸੌਂਪੇ ਜਾਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕਰਨ ਲਈ ਪ੍ਰਾਪਰਟੀ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਜਿਸ ਨਾਲ ਲਾਭਪਾਤਰੀ ਵੱਖ-ਵੱਖ ਤਰ੍ਹਾਂ ਦੀ ਤਰੱਕੀ ਲਈ ਆਪਣੀ ਜਾਇਦਾਦ ਦੀ ਵਰਤੋਂ ਕਰ ਸਕਦੇ ਹਨ। ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕਾਂ ਨੂੰ ਨਾ ਸਿਰਫ ਮਾਲਕੀ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ਼ ਅਤੇ ਮਨੋਬਲ ਨੂੰ ਵੀ ਮਜ਼ਬੂਤ ਕਰਦੀ ਹੈ ਜਿਸ ਨਾਲ ਉਹ ਆਪਣੀ ਪ੍ਰਾਪਰਟੀ ਖਰੀਦ ਵੇਚ ਸਕਦੇ ਹਨ। ਮਾਲਕੀ ਲਈ ਪ੍ਰਾਪਰਟੀ ਕਾਰਡ ਬਣਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਜਨਾਬੱਧ ਢੰਗ ਨਾਲ ਕੀਤੀ ਜਾ ਰਹੀ ਹੈ ਜਿਸ ਤਹਿਤ ਮਾਲ ਵਿਭਾਗ ਵਲੋਂ ਪਹਿਲਾਂ ਡਰੋਨ ਸਰਵੇਖਣ ਰਾਹੀਂ ਪਿੰਡ ਦੇ ਸਾਰੇ ਘਰਾਂ ਦਾ ਨਕਸ਼ਾ ਬਣਾਇਆ ਜਾਂਦਾ ਹੈ ਅਤੇ ਬਾਅਦ ਵਿਚ ਇੱਕ ਮੁੱਢਲਾ ਨਕਸ਼ਾ (ਨਕਸ਼ਾ-1)  ਬਣਾ ਕੇ ਪਟਵਾਰੀ, ਸਰਪੰਚਾਂ, ਨੰਬਰਦਾਰਾਂ ਅਤੇ ਪਿੰਡ ਦੇ ਹੋਰ ਪਤਵੰਤਿਆਂ ਦੀ ਟੀਮ ਨਾਲ ਮੌਜੂਦਾ ਸਥਿਤੀ ਦਾ ਪਤਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਮੀਨੀ ਤਸਦੀਕ ਹੋਣ ਦੇ ਆਧਾਰ ’ਤੇ, ਸਰਵੇ ਆਫ਼ ਇੰਡੀਆ ਅੰਤਿਮ ਨਕਸ਼ਾ (ਨਕਸ਼ਾ-2) ਤਿਆਰ ਕਰਦਾ ਹੈ, ਜਿਸ ਵਿੱਚ ਘਰਾਂ ਦੀ ਨੰਬਰਿੰਗ ਕੀਤੀ ਜਾਂਦੀ ਹੈ ਜਿਸ ਉਪਰੰਤ ਮਾਲਕਾਂ ਦੇ ਵੇਰਵੇ ਦਰਜ ਕਰਕੇ ਨਕਸ਼ਾ ਪਿੰਡ ਵਿੱਚ ਜਨਤਕ ਕੀਤਾ ਜਾਂਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *