ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਦਿੜ੍ਹਬਾ/ਚੰਡੀਗੜ੍ਹ, 16 ਨਵੰਬਰ:

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਸਫ਼ਲਤਾ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਜ਼ਰੀਏ ਪੰਜਾਬੀਆਂ ਨੂੰ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੋਰ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਕਬੱਡੀ ਮੈਦਾਨ ਵਿੱਚ ਖੇਡ ਕੇ ਅਨੇਕਾਂ ਖਿਡਾਰੀਆਂ ਨੇ ਸੂਬੇ ਅਤੇ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ਵਿੱਚ 11 ਖੇਡਾਂ ਲਈ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣ ਵਾਲੇ ਇਸ ਇਨਡੋਰ ਸਟੇਡੀਅਮ ਲਈ ਸੱਤ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਬਹੁਤ ਜਲਦੀ ਇਸਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।
ਅੱਜ ਖੇਡਾਂ ਸ਼ੁਰੂ ਕਰਵਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਖੇਡ ਵਿਭਾਗ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ ਅਤੇ ਖੇਡਾਂ ਇਮਾਨਦਾਰੀ ਨਾਲ ਖੇਡਣ ਦੀ ਸਹੁੰ ਵੀ ਚੁੱਕੀ ਗਈ। ਕਬੱਡੀ ਦੇ ਇਸ ਖੇਡ ਮਹਾਂਕੁੰਭ ਤਹਿਤ ਮਹਿਲਾ ਖਿਡਾਰੀਆਂ ਦੇ ਮੁਕਾਬਲੇ ਅੱਜ ਤੋਂ 18 ਨਵੰਬਰ ਤੱਕ ਚੱਲਣਗੇ ਜਦਕਿ ਮਰਦ ਖਿਡਾਰੀਆਂ ਦੇ ਮੁਕਾਬਲੇ 19 ਤੋਂ 21 ਨਵੰਬਰ ਤੱਕ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੀ ਵੇਟ ਲਿਫਟਿੰਗ ਦੇ ਰਾਜ ਪੱਧਰੀ ਮੁਕਾਬਲੇ ਸੁਨਾਮ ਵਿਖੇ ਅਰੰਭ ਹੋ ਗਏ ਹਨ ਜਦਕਿ ਸੰਗਰੂਰ ਵਿੱਚ ਵੁਸ਼ੁ ਅਤੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਚੇਅਰਮੈਨ ਮਿਲਕਫੈਡ ਪੰਜਾਬ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਨਵਦੀਪ ਸਿੰਘ, ਪਦਮਸ਼੍ਰੀ ਸਵ. ਕੌਰ ਸਿੰਘ ਦੇ ਧਰਮਪਤਨੀ ਬਲਜੀਤ ਕੌਰ, ਅੰਤਰਰਾਸ਼ਟਰੀ ਕਬੱਡੀ ਕੋਚ ਸਵ. ਗੁਰਮੇਲ ਸਿੰਘ ਦੇ ਧਰਮਪਤਨੀ ਪਰਮਜੀਤ ਕੌਰ, ਵੱਖ-ਵੱਖ ਖੇਡਾਂ ਦੇ ਕੋਚ, ਹੋਰ ਪਤਵੰਤੇ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਖ਼ਿਡਾਰੀ ਹਾਜ਼ਰ ਸਨ।

Leave a Reply

Your email address will not be published. Required fields are marked *