ਚੰਡੀਗੜ੍ਹ, 26 ਮਈ
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।
ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ‘ਬੇਰੂਜ਼ਗਰ ਸਾਂਝਾ ਮੋਰਚਾ ਪੰਜਾਬ’, ‘3704 ਅਧਿਆਪਕ ਯੂਨੀਅਨ’, ‘ਮੈਰੀਟੋਰੀਅਸ ਟੀਚਰਜ਼ ਯੂਨੀਅਨ’, ‘ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14′, ’10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ’, ‘ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ’, ‘ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ’, ਅਤੇ ‘ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ’ ਸ਼ਾਮਲ ਸਨ। ਪੰਜਾਬ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਨੇ ਮੁਲਾਜ਼ਮ ਯੂਨੀਅਨਾਂ ਨੂੰ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕੀਤਾ।
ਲਗਭਗ 3 ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਯੂਨੀਅਨਾਂ ਦੇ ਮੁੱਦਿਆਂ ਬਾਰੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ ‘ਤੇ ਗੰਭੀਰ ਕਾਰਵਾਈ ਲਈ ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਲੰਬਿਤ ਮੁੱਦਿਆਂ ਦਾ ਜਲਦੀ ਹੱਲ ਹੋਵੇਗਾ ਅਤੇ ਸਬੰਧਤ ਮੁਲਾਜ਼ਮਾਂ ਨੂੰ ਲੋੜੀਂਦੀ ਰਾਹਤ ਮਿਲੇਗੀ।
ਵਿੱਤ ਮੰਤਰੀ ਨੇ ਕਰਮਚਾਰੀ ਸੰਗਠਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਅਤੇ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੀਟਿੰਗਾਂ ਹਾਂ-ਪੱਖੀ ਮਾਹੌਲ ਵਿੱਚ ਸਮਾਪਤ ਹੋਈਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਿੱਚ ਆਸ ਦੀ ਭਾਵਨਾ ਸੀ ਕਿ ਉਨ੍ਹਾਂ ਦੇ ਮੁੱਦਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ।