ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।
...








