ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਈ:
ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ ਹੋਣ ਨਾਲ ਸੂਬੇ ਦੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਨੌਕਰੀਆਂ ‘ਚ ਹਰ ਵਰਗ ਦੀਆਂ ਔਰਤਾਂ ਲਈ 33% ਰਿਜ਼ਰਵੇਸ਼ਨ ਹੋਵੇਗੀ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ‘ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਸਰਕਾਰ ਦੀ ਲਿੰਗ-ਨਿਰਪੱਖ, ਸਮਾਨ ਸਮਾਜ ਬਣਾਉਣ ਵੱਲ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਨੀਤੀ ਔਰਤਾਂ ਦੀ ਸਰਕਾਰੀ ਪ੍ਰਸ਼ਾਸਨ ਅਤੇ ਨੀਤੀ-ਨਿਰਧਾਰਨ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ, ਜਿਸ ਨਾਲ ਰਾਜ ਦੀ ਪ੍ਰਸ਼ਾਸਨਿਕ ਅਤੇ ਸਮਾਜਿਕ ਸੰਰਚਨਾ ਹੋਰ ਮਜ਼ਬੂਤ ਹੋਵੇਗੀ...








