ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਮਾਨਸਾ, 17 ਅਕਤੂਬਰ:
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।
ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿੱਚ ਖਾਸ ਕਰਕੇ ਦੁੱਧ ਅਤੇ ਦੁੱਧ ਉਤਪਾਦਾਂ, ਘਿਓ, ਪਨੀਰ ਅਤੇ ਮਠਿਆਈਆਂ ਦੀ ਜ਼ਿਆਦਾ ਖਪਤ ਹੁੰਦੀ ਹੈ, ਇਸ ਲਈ ਇੰਨ੍ਹਾਂ ਵਸਤਾਂ ਵਿੱਚ ਮਿਲਾਵਟ ਵਿਰੁੱਧ 24 ਘੰਟੇ ਚੌਕਸੀ ਰੱਖੀ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਨਮੂਨੇ ਲੈਣ ਅਤੇ ਜਾਂਚ ਨੂੰ ਤੇਜ਼ ਕੀਤਾ ਜਾਵੇ।
...







