ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ
ਚੰਡੀਗੜ੍ਹ, 27 ਨਵੰਬਰ:
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਉੱਦਮਤਾ (ਐਂਟਰਪ੍ਰੀਨਿਓਰਸ਼ਿਪ) ਪਾਠਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਕੋਰਸ ਵਿਦਿਆਰਥੀਆਂ ਨੂੰ ਸਵੈ-ਨਿਰਭਰਤਾ ਅਤੇ ਨੌਕਰੀਆਂ ਸਿਰਜਣ ਵਾਸਤੇ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ।
ਸ. ਹਰਜੋਤ ਸਿੰਘ ਬੈਂਸ ਨੇ ਅਕਾਦਮਿਕ ਸਾਲ 2022-23 ਵਿੱਚ 11ਵੀਂ ਜਮਾਤ ਲਈ ਸ਼ੁਰੂ ਕੀਤੇ ਗਏ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੋਰਡ ਨੇ 3,692 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਉੱਦਮਤਾ ਨੂੰ ਇੱਕ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਕੇ ਸਿੱਖਿਆ ਪ੍ਰਤੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ 104 ਸਿਖਲਾਈ ਪ੍ਰੋਗਰਾਮਾਂ ਰਾਹੀਂ 10,382 ਅਧਿਆਪਕਾਂ ਅਤੇ 231 ਮਾਸਟਰ ਟ੍ਰੇਨਰਾਂ ਨੂੰ ਉੱਦਮਤਾ ਪੜ੍ਹਾਉਣ ਦੇ ਗੁਣਾਂ ਨਾਲ ਲੈਸ ਕੀਤਾ ਗਿਆ ਹੈ।...




