ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।

ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਆਮ ਆਦਮੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਗੋਗੀ ਪਾਰਟੀ ਦੇ ਸਮਰਪਿਤ ਸਿਪਾਹੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਗੀ ਨੇ ਲੋਕਾਂ ਖਾਸ ਕਰਕੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗੋਗੀ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਮਰਹੂਮ ਆਗੂ ਨੇ ‘ਆਪ’ ਅਤੇ ਲੋਕਾਂ ਦੇ ਦਿਲਾਂ ਵਿੱਚ ਵੱਡਾ ਖਲਾਅ ਪੈਦਾ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਗੋਗੀ ਦੀ ਦੇਹ ‘ਤੇ ਫੁੱਲਮਾਲਾ ਭੇਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Leave a Reply

Your email address will not be published. Required fields are marked *