ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 15 ਨਵੰਬਰ:
ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ’ਚ ਖੇਡਾਂ ਪ੍ਰਤੀ ਦਿਲਚਸਪੀ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਲਈ ਹਰ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ, ਓਥੇ ਹੀ ਸਮਾਜ ਵਿੱਚ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਵਿਚਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੇ ਜਜ਼ਬੇ ਅਤੇ ਫੁਰਤੀ ਨਾਲ ਖੇਡ ਮੁਕਾਬਲਿਆਂ ਵਿਚ ਜੌਹਰ ਵਿਖਾਉਣ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸੇ ਖਿਡਾਰੀ ਜਾਂ ਕੋਚ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਵੇ।
ਸੰਯੁਕਤ ਡਾਇਰੈਕਟਰ ਖੇਡ ਵਿਭਾਗ ਪੰਜਾਬ ਸ਼੍ਰੀ ਬਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹਰ ਸਾਲ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਜਿਸਦਾ ਇਹ ਤੀਜਾ ਸੀਜ਼ਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦਾ ਮੰਤਵ ਸੂਬੇ ਦੇ ਕੋਨੇ-ਕੋਨੇ ਤੋਂ ਪ੍ਰਤਿਭਾਸ਼ਾਲੀ ਨੌਜਵਾਨਾਂ ਅਤੇ ਬੱਚਿਆਂ ਦੀ ਪ੍ਰਤਿਭਾ ਨੂੰ ਅੱਗੇ ਲੈ ਕੇ ਜਾਣਾ ਹੈ। ਇਸ ਤੋਂ ਇਲਾਵਾ ਨੌਜਵਾਨਾ ਖੇਡਾਂ ਨਾਲ ਜੁੜ ਕੇ ਨਸ਼ੇ ਵਰਗੀਆਂ ਅਲ੍ਹਾਮਤਾ ਤੋਂ ਦੂਰ ਰਹਿੰਦੇ ਹਨ ਅਤੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਆਪਣੇ ਸੂਬੇ ਦਾ ਨਾਮ ਦੁਨੀਆਂ ਭਰ ਵਿੱਚ ਚਮਕਾਉਂਦੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਰਾਜ ਪੱਧਰੀ ਖੇਡਾਂ 15 ਨਵੰਬਰ ਤੋਂ ਲੈ ਕੇ 22 ਨਵੰਬਰ 2024 ਤੱਕ ਚੱਲਣਗੀਆਂ, ਜ਼ਿਨ੍ਹਾਂ ਵਿੱਚ ਮਾਨਸਾ ਵਿਖੇ ਜੂਡੋ ਅਤੇ ਕੁਸ਼ਤੀ ਦੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਖੇਡਾਂ ਦੌਰਾਨ ਖਿਡਾਰੀਆਂ ਲਈ ਰਹਿਣ ਅਤੇ ਰਿਫਰੈਸ਼ਮੈਂਟ ਦੇ ਖਾਸ ਪ੍ਰਬੰਧ ਕੀਤੇ ਗਏ ਹਨ ਅਤੇ ਮਾਹਿਰ ਕੋਚਾਂ ਦੀ ਨਿਗਰਾਨੀ ਹੇਠ ਇਹ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਰਿਟਾ. ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਯੋਗਰਾਜ, ਸਕੱਤਰ ਜੂਡੋ ਐਸੋਸੀਏਸ਼ਨ ਪੰਜਾਬ ਸ਼੍ਰੀ ਦੇਵ ਸਿੰਘ ਧਾਲੀਵਾਲ, ਰਿਟਾ. ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਮਹਿੰਦਰ ਸਿੰਘ, ਅੰਤਰਰਾਸ਼ਟਰੀ ਕਬੱਡੀ ਕੋਚ ਹਰਗੋਬਿੰਦ ਸਿੰਘ ਅਤੇ ਮਨਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਮਾਹਿਰ ਕੋਚ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ।

Leave a Reply

Your email address will not be published. Required fields are marked *