ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ 100 ਤੋ ਵਧੇਰੇ ਪੌਦੇ ਲਗਾਏ

ਮਾਨਸਾ, 06 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪਲਾਂਟੇਸ਼ਨ ਤਹਿਤ 10 ਲੱਖ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. (ਐਚ) ਜਸਕੀਰਤ ਸਿੰਘ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 100 ਤੋਂ ਵਧੇਰੇ ਪੌਦੇ ਲਗਾਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪ੍ਰਬੰਧਕੀ ਕੰਪਲੈਕਸ ਵਿਚ ਲਗਾਏ ਪੌਦਿਆਂ ਦੀ ਦੇਖਭਾਲ ਲਈ ਹਰੇਕ ਅਧਿਕਾਰੀ, ਕਰਮਚਾਰੀ ਨੂੰ ਨਿੱਜੀ ਜਿੰਮੇਵਾਰੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਦੀਆਂ ਪੌਦਿਆਂ ਨਾਲ ਨੇਮਪਲੇਟਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਪੌਦਾ ਲਗਾਉਣ ਵਾਲੇ ਦਾ ਲਗਾਵ ਅਤੇ ਪੌਦੇ ਦੀ ਦੇਖਭਾਲ ਲਈ ਨਿੱਜੀ ਰੁਚੀ ਵੀ ਬਣੀ ਰਹੇ।
ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਪੰਚਾਇਤੀ ਥਾਵਾਂ ਅਤੇ ਸ਼ਹਿਰਾਂ ਅੰਦਰ ਖਾਲੀ ਪਈਆਂ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਸਰਕਾਰ ਵੱਲੋਂ ਜ਼ਿਲ੍ਹੇ ਨੂੰ ਦਿੱਤੇ ਨਿਰਧਾਰਤ ਟੀਚੇ ਤੋਂ ਵੀ ਵਧ ਕੇ ਪਲਾਂਟੇਸ਼ਨ ਕੀਤੀ ਜਾ ਸਕੇ ਅਤੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਧਰਤੀ ’ਤੇ ਜੰਗਲੀ ਰਕਬੇ ਅਤੇ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਨੂੰ ਵਧਾਉਣ ਲਈ ਹਰ ਵਿਅਕਤੀ ਨੂੰ ਪੌਦੇ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਸੂਲੀਸਰ ਸਾਹਿਬ ਦੀ 100 ਏਕੜ ਜ਼ਮੀਨ ਅਤੇ ਪਿੰਡ ਝੇਰਿਆਂਵਾਲੀ ਦੀ 100 ਏਕੜ ਜ਼ਮੀਨ ’ਤੇ ਜੰਗਲ ਲਗਾਇਆ ਜਾ ਰਿਹਾ ਹੈ ਉੱਥੇ ਹੀ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਵੱਡੇ ਪੱਧਰ ’ਤੇ ਸਾਂਝੀਆਂ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ।
ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੌਦਾ ਲਗਾਉਂਦਿਆਂ ਖੁਸ਼ੀ ਮਹਿਸੂਸ ਕਰਦਿਆਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਘਰਾਂ ਦੇ ਅੰਦਰ ਅਤੇ ਘਰਾਂ ਦੇ ਬਾਹਰ ਖਾਲੀ ਪਈਆਂ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਹਰੇਕ ਸਮਾਜਿਕ ਸੰਸਥਾਵਾਂ ਨੂੰ ਲੋਕ ਭਲਾਈ ਦੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੌਦੇ ਜਿੱਥੇ ਸਾਨੂੰ ਆਕਸੀਜ਼ਨ ਮੁਹੱਈਆ ਕਰਵਾਉਣ ਵਿਚ ਸਹਾਈ ਹੁੰਦੇ ਹਨ ਉੱਥੇ ਫਲਾਂ ਵਾਲੇ ਪੌਦਿਆਂ ਤੋਂ ਸਾਨੂੰ ਚੰਗੀ ਸਿਹਤ ਲਈ ਫਲ ਮਿਲਦੇ ਹਨ, ਜਿਸ ਕਰਕੇ ਪੌਦਿਆਂ ਦਾ ਸਾਡੀ ਜ਼ਿੰਦਗੀ ਵਿਚ ਬਹੁਤ ਮਹੱਤਵ ਹੈ।
ਤਸਵੀਰਾਂ 01 ਤੋਂ 08
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. (ਐਚ) ਜਸਕੀਰਤ ਸਿੰਘ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਉਂਦੇ ਹੋਏ।

Leave a Reply

Your email address will not be published. Required fields are marked *