Shadow

‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

ਧੂਰੀ, 5 ਜੁਲਾਈ:

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਹਲਕੇ ਦੇ ਪਿੰਡ ਈਸਾਪੁਰ (ਲੰਡਾ) ਅਤੇ ਰੂੜਗੜ੍ਹ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਸਮਾਂਬੱਧ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮਾਂ ਨੇ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧੇ ਸੰਵਾਦ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਧੂਰੀ ਹਲਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ, ਜਦਕਿ ਹੋਰ ਕਈ ਪ੍ਰੋਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋ ਰਹੀ ਹੈ।

ਚੇਅਰਮੈਨ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਸਮੱਸਿਆ ਲਈ ਬਿਨਾਂ ਝਿਜਕ ‘ਲੋਕ ਮਿਲਣੀ’ ਪ੍ਰੋਗਰਾਮਾਂ ਵਿੱਚ ਆਪਣੀ ਗੱਲ ਰੱਖਣ। ਉਨ੍ਹਾਂ ਭਰੋਸਾ ਦਿੱਤਾ ਕਿ ਧੂਰੀ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਕੌਂਸਲਰ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਕੇਵਲ ਸਿੰਘ ਘਨੌਰੀ ਕਲਾਂ, ਜਗਤਾਰ ਸਿੰਘ ਬਾਗੜੀ ਸਲੇਮਪੁਰ, ਦੋਵਾਂ ਪਿੰਡਾਂ ਦੇ ਸਰਪੰਚ, ਪੰਚ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *