ਗੁਰਦਾਸਪੁਰ, 1 ਮਈ ( ) – ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਦੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਦਾ ਸਾਥ ਲੈਣ ਲਈ ਹਰ ਜ਼ਿਲ੍ਹਾ ਪੱਧਰ ਉੱਪਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਜਿਹੀ ਹੀ ਮੀਟਿੰਗ 4 ਮਈ ਨੂੰ ਪੀ.ਐੱਸ. ਗਾਰਡਨ ਰੀਜ਼ੋਰਟ ਗੁਰਦਾਸਪੁਰ ਵਿਖੇ ਹੋਵੇਗੀ ਜਿਸ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਭਾਗ ਲੈਣਗੇ।
ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 4 ਮਈ ਨੂੰ ਪੀ.ਐੱਸ. ਗਾਰਡਨ ਰੀਜ਼ੋਰਟ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਇਕ ਸਾਹਿਬਾਨ ਅਤੇ ਚੇਅਰਮੈਨ ਸਾਹਿਬਾਨ ਵੀ ਹਿੱਸਾ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਮੀਟਿੰਗ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਸਾਥ ਲਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਅਤੇ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਅਤੇ ਨਗਰ ਕੌਂਸਲਾਂ ਦੇ ਈ.ਓਜ਼ ਨੂੰ ਹਦਾਇਤ ਕੀਤੀ ਕਿ ਇਸ ਮੀਟਿੰਗ ਵਿੱਚ ਸਾਰੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ 7 ਮਈ ਤੋਂ ਸੂਬੇ ਵਿੱਚ ਸ਼ੁਰੂ ਹੋਣ ਜਾ ਰਹੀ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਦਾ ਆਯੋਜਿਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਅਰੰਭੇ ਯੁੱਧ ਨਸ਼ਿਆਂ ਵਿਰੁੱਧ ਨੂੰ ਕਾਮਯਾਬ ਕਰਨ ਲਈ ਆਪਣਾ ਪੂਰਾ ਸਹਿਯੋਗ ਕਰਨ ਅਤੇ ਇਨ੍ਹਾਂ ਦੋਵਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਬਟਾਲਾ ਸ੍ਰੀ ਵਿਕਰਮਜੀਤ ਸਿੰਘ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਸ੍ਰੀਮਤੀ ਵੀਰਪਾਲ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਸ੍ਰੀ ਰੁਪਿੰਦਰਜੀਤ ਸਿੰਘ ਸਮੇਤ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।