ਜਲੰਧਰ, 7 ਮਈ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗ, ਐਨ.ਡੀ.ਆਰ.ਐਫ.ਅਤੇ ਐਸ.ਡੀ.ਆਰ.ਐਫ. ਤੋਂ ਇਲਾਵਾ ਫੌਜ, ਬੀ.ਐਸ.ਐਫ., ਰੇਲਵੇ, ਏਅਰ ਫੋਰਸ ਅਤੇ ਆਈ.ਟੀ.ਬੀ.ਪੀ. ਦੇ ਉਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ।
ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਬ੍ਰਿਗੇਡੀਅਰ ਸੁਨੀਲ ਕੁਮਾਰ, ਕਰਨਲ ਅਜੈ ਪਾਲ ਸਿੰਘ, ਸਟੇਸ਼ਨ ਐਡਜੂਟੈਂਟ ਏਅਰ ਫੋਰਸ ਸਟੇਸ਼ਨ ਆਦਮਪੁਰ ਮਨੋਜ ਕਾਲੀਆ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ ਅਤੇ ਬੁੱਧੀ ਰਾਜ ਸਿੰਘ ਸ਼ਾਮਿਲ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਲੈਕ ਆਊਟ ਮੌਕ ਡਰਿੱਲ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਬੰਧੀ ਜਾਗਰੂਕਤਾ ਵੀ ਫੈਲਾਈ ਜਾਵੇ, ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ 7 ਮਈ ਨੂੰ ਰਾਤ 8 ਤੋਂ 9 ਵਜੇ ਬਲੈਕ ਆਊਟ ਮੌਕ ਡਰਿੱਲ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦੌਰਾਨ ਹੰਗਾਮੀ ਹਾਲਾਤ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹੋਰ ਜ਼ਰੂਰੀ ਗਤੀਵਿਧੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਮੌਕ ਡਰਿੱਲ ਦੌਰਾਨ ਹਵਾਈ ਰੇਡ ਸਾਇਰਨ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਨਿਸ਼ਚਿਤ ਸਮੇਂ ਅਨੁਸਾਰ ਇਹ ਅਭਿਆਸ ਕੀਤਾ ਜਾਵੇ ਅਤੇ ਜਨਤਾ ਵਲੋਂ ਇਸ ਵਿੱਚ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਡਰਿਲ ਦੌਰਾਨ ਘਰਾਂ ਦੀਆਂ ਲਾਈਟਾਂ ਬੰਦ ਰੱਖੀਆਂ ਜਾਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਇਕ ਅਭਿਆਸ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀ ਹੈ। ਉਨ੍ਹਾਂ ਕਿਹਾ ਕਿ ਹੰਗਾਮੀ ਹਾਲਾਤ ਦੌਰਾਨ ਅਹਿਤਿਆਤ ਵਰਤਣ ਲਈ ਅਕਸਰ ਹੀ ਮੌਕ ਡਰਿੱਲ ਕਰਵਾਈ ਜਾਂਦੀ ਹੈ ਅਤੇ ਇਹ ਇਕ ਰੁਟੀਨ ਦੀ ਪ੍ਰਕਿਰਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਕਰੇਗਾ ਅਤੇ ਨਾ ਹੀ ਛੁੱਟੀ ਅਪਲਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਹਿਤਿਆਤ ਪਖੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹੱਦ ਵਿੱਚ ਬਿਨਾਂ ਆਗਿਆ ਡਰੋਨ ਦੀ ਵਰਤੋਂ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਡਾ.ਅਗਰਵਾਲ ਨੇ ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿ ਕੇ ਆਪਣੇ ਪਿੰਡ ਅਤੇ ਵਾਰਡ ਵਾਸੀਆਂ ਨੂੰ ਵੀ ਜਾਗਰੂਕ ਕਰਨ। ਇਸ ਤੋਂ ਇਲਾਵਾ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸ਼ੱਕੀ ਵਿਅਕਤੀ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਨੇੜਲੇ ਥਾਣੇ ਵਿੱਚ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਬੱਚਣ ਦੀ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹ ਫੈਲਾਉਣ ਵਾਲੇ ਵਿਅਕਤੀ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਵਾਲੇ ਅਦਾਰਿਆਂ ਵਿੱਚ ਬਿਜਲੀ ਨਾ ਕੱਟੀ ਜਾਵੇ ਅਤੇ ਉਨ੍ਹਾਂ ਹਸਪਤਾਲਾਂ ਸਮੇਤ ਸਾਰੇ ਐਮਰਜੈਂਸੀ ਵਾਲੇ ਅਦਾਰਿਆਂ ਨੂੰ ਲੋੜ ਮੁਤਾਬਕ ਹੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਪੀ.ਐਸ.ਪੀ.ਸੀ.ਐਲ., ਟਰਾਂਸਪੋਰਟ, ਸਿਹਤ, ਫੂਡ ਸਪਲਾਈਜ਼, ਸਿੱਖਿਆ, ਨਗਰ ਨਿਗਮ, ਪਬਲਿਕ ਹੈਲਥ, ਰੇਲਵੇ, ਬੀ.ਐਸ.ਐਨ.ਐਲ. ਅਤੇ ਹੋਰ ਜਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗਾਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਆਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾ ਸਿਵਲ ਡਿਫੈਂਸ, ਐਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਆਦਿ ਨੂੰ ਵੀ ਹੰਗਾਮੀ ਸਥਿਤੀ ਦੌਰਾਨ ਸੇਵਾਵਾਂ ਲਈ ਉਪਲਬੱਧ ਰਹਿਣ ਲਈ ਕਿਹਾ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ ਦੀ ਸੂਚਨਾ ਤੁਰੰਤ ਆਪਣੇ ਨੇੜਲੇ ਪੁਲਿਸ ਥਾਣੇ ਵਿੱਚ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪਰ ਮੌਕ ਡਰਿੱਲ ਦੌਰਾਨ ਸਾਵਧਾਨੀਆਂ ਵਰਤਣੀਆਂ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਲਈ ਨੇੜਲੇ ਪੁਲਿਸ ਥਾਣੇ ਅਤੇ ਪੁਲਿਸ ਕੰਟਰੋਲ ਰੂਮ ਨੰਬਰ 112 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਮਕਾਨ ਕਿਰਾਏ ’ਤੇ ਦੇਣ ਵਾਲੇ ਮਕਾਨ ਮਾਲਕਾਂ ਨੂੰ ਵੀ ਕਿਰਾਏਦਾਰਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਦੇਣ ਲਈ ਕਿਹਾ।