ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

ਸ੍ਰੀ ਮੁਕਤਸਰ ਸਾਹਿਬ, 16 ਅਗਸਤ:

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।
ਸ: ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵੱਲੋਂ ਹੁਣ ਤੱਕ 79592 ਏਕੜ ਰਕਬੇ ਤੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਦੇ ਹੋਏ ਪੰਜਾਬ ਸਰਕਾਰ ਦੇ ਬਣੇ ਪੋਰਟਲ ਤੇ 6081 ਅਰਜ਼ੀਆਂ ਅਪਲਾਈ ਕੀਤੀਆਂ ਹਨ ਅਤੇ ਇਸ ਤਰ੍ਹਾਂ ਸਿੱਧੀ ਬਿਜਾਈ ਦੇ ਰਕਬੇ ਵਿੱਚ ਜਿ਼ਲ੍ਹਾ ਸ੍ਰ਼ੀ ਮੁਕਤਸਰ ਸਾਹਿਬ ਪੂਰੇ ਪੰਜਾਬ ਰਾਜ ਵਿੱਚੋਂ ਮੋਹਰੀ ਜਿ਼ਲ੍ਹਾ ਬਣਿਆ ਹੈ।
ਇਸੇ ਸਬੰਧ ਵਿੱਚ ਅੱਜ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਦੇ ਪਿੰਡ ਭੁੱਲਰ ਵਿਖੇ ਕਿਸਾਨ ਸ਼੍ਰੀ ਜਗਦੇਵ ਸਿੰਘ ਅਤੇ ਸ਼੍ਰੀ ਪ੍ਰਿਤਪਾਲ ਸਿੰਘ ਦੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਵਾਲੇ ਖੇਤ ਦੀ ਵਿਜਿ਼ਟ ਕਰਦੇ ਹੋਏ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਲੇਬਰ ਦਾ ਖਰਚਾ ਘਟਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਟਿਊਬਵੈਲਾਂ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਦੇ ਹੋਏ ਖੁਦ ਵੀ ਬੂਟਾ ਲਗਾਇਆ ਗਿਆ। ਇਸ ਮੌਕੇ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਫੀਲਡ ਅਧਿਕਾਰੀ ਝੋਨੇ ਦੀ ਸਿੱਧੀ ਬਿਜਾਈ ਦੇ ਰਕਬੇ ਦੀ ਵੈਰੀਫਿਕੇਸ਼ਨ ਕਰ ਰਹੇ ਹਨ। ਵੈਰੀਫਿਕੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਪ੍ਰੋਤਸਾਹਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ।
ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜ਼ਮੀਨਦੋਜ਼ ਪਾਣੀ ਦਾ ਰੀਚਾਰਜ਼ ਜਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖਾਲੀ ਹੋ ਜਾਂਦੀ ਹੈ। ਸਿੱਧੀ ਬਿਜਾਈ ਵਾਲੇ ਖੇਤ ਵਿੱਚ, ਕੱਦੂ ਕਰਕੇ ਲਗਾਏ ਝੋਨੇ ਦੇ ਖੇਤ ਦੇ ਬਰਾਬਰ ਜਾਂ ਜਿ਼ਆਦਾ ਨਿਕਲਦਾ ਹੈ। ਇਸ ਸਮੇਂ ਉਨ੍ਹਾਂ ਜਿ਼ਕਰ ਕੀਤਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨਾਂ ਵੱਲੋਂ ਝੋਨੇਂ ਦੀ ਸਿੱਧੀ ਬਿਜਾਈ ਕਰਨ ਸਬੰਧੀ ਕਾਫ਼ੀ ਉਤਸ਼ਾਹ ਦਿਖਾਇਆ ਗਿਆ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸ਼੍ਰੀ ਸ਼ਵਿੰਦਰ ਸਿੰਘ,ਏ.ਡੀ.ੳ.,ਸ਼੍ਰੀ ਜਤਿੰਦਰ ਸਿੰਘ,ਏ.ਈ.ਓ., ਸ਼੍ਰੀ ਨਿਰਮਲ ਸਿੰਘ, ਏ.ਐਸ.ਆਈ ਅਤੇ ਸ਼੍ਰੀ ਹਰਦੀਪ ਸਿੰਘ ਏ.ਟੀ.ਐਮ. ਤੋਂ ਇਲਾਵਾ ਪਿੰਡ ਦੇ ਬਹੁਤ ਸਾਰੇ ਅਗਾਂਹਵਧੂ ਕਿਸਾਨ ਹਾਜ਼ਰ ਸਨ।

Leave a Reply

Your email address will not be published. Required fields are marked *