ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼


ਚੰਡੀਗੜ੍ਹ, 5 ਮਾਰਚ:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਹਦਾਇਤਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਵਿਭਾਗ ਨੇ ਪਹਿਲੀਆਂ ਤਿਮਾਹੀਆਂ ਦੌਰਾਨ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਹੈ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਫ਼ੰਡ ਲੈਪਸ ਨਾ ਹੋਣ।
ਡਾ. ਬਲਜੀਤ ਕੌਰ ਨੇ ਮੁੱਖ ਵਿਭਾਗੀ ਸਕੀਮਾਂ, ਜਿਸ ਵਿੱਚ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਦੇ ਖ਼ਰਚੇ ਅਤੇ ਬਾਕੀ ਬਚੇ ਫੰਡਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਮੁਢਲਾ ਉਦੇਸ਼ ਸਮਾਜ ਦੇ ਹੇਠਲੇ ਵਰਗਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਵੰਡ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਇਮਦਾਦ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਫੰਡਾਂ ਦੀ ਵੰਡ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ‘ਤੇ ਜ਼ੋਰ ਦਿੰਦਿਆਂ ਇਹ ਯਕੀਨੀ ਬਣਾਉਣ ਲਈ ਕਿ ਹਰੇਕ ਯੋਗ ਵਿਅਕਤੀ ਨੂੰ ਬਿਨਾਂ ਕਿਸੇ ਦੇਰੀ ਦੇ ਲਾਭ ਮਿਲੇ।
ਡਾ. ਬਲਜੀਤ ਕੌਰ ਨੇ ਸਮਾਜ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦੇ ਵੱਧ ਤੋਂ ਵੱਧ ਪ੍ਰਭਾਵ ਨੂੰ ਲਾਗੂ ਕਰਨ ਲਈ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣ।
ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।