ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਅਮਨੀਤ ਕੌਂਡਲ

 ਬਠਿੰਡਾ, 5 ਅਗਸਤ : ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਟੇਸ਼ਨਾਂ ਅਤੇ ਸਾਂਝ ਕੇਂਦਰਾਂ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਲਗਾਤਾਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਕਿ ਸਕੂਲਾਂ, ਕਾਲਜਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਰਾਹੀਂ ਆਮ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।

          ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਉਪਰ ਸਿਕੰਜਾ ਕਸਦੇ ਹੋਏ 1 ਜਨਵਰੀ 2024 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 328 ਮੁਕੱਦਮੇ ਦਰਜ ਕੀਤੇ ਗਏ ਹਨ। ਦਰਜ ਮਾਮਲਿਆਂ ਵਿੱਚ ਸ਼ਾਮਲ 508 ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਜਿਨਾਂ ਕੋਲੋਂ ਵੱਖ-ਵੱਖ ਨਸ਼ਿਆਂ ਦੀ ਖੇਪ ਜਿਸ ਵਿੱਚ 3 ਕਿਲੋ 296 ਗ੍ਰਾਮ ਹੈਰੋਇਨ, ਅਫ਼ੀਮ 12 ਕਿਲੋ 850 ਗ੍ਰਾਮ, 4067 ਕਿਲੋ 700 ਗ੍ਰਾਮ ਡੋਡੇ, ਗਾਂਜਾ 39 ਕਿਲੋ, 120125 ਨਸ਼ੀਲੇ ਕੈਪਸੂਲ ਅਤੇ 33 ਨਸ਼ੀਲੀਆਂ ਸ਼ੀਸ਼ੀਆਂ ਤੋਂ ਇਲਾਵਾ 100 ਵਹੀਕਲ ਬਰਾਮਦ ਕੀਤੇ ਹਨ।

          ਜ਼ਿਲਾ ਪੁਲਿਸ ਮੁਖੀ ਨੇ ਹੋਰ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਹੋਰ ਵੀ ਸਖ਼ਤੀ ਨਾਲ ਕਦਮ ਚੁੱਕੇ ਜਾਣਗੇ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਬਠਿੰਡਾ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਉਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕੇ ਦੇ ਨਜ਼ਦੀਕੀ ਪੁਲਿਸ ਸਟੇਸ਼ਨਾਂ ਵਿੱਚ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਦਿੰਦੇ ਰਹਿਣ ਤਾਂ ਜੋ ਉਨ੍ਹਾਂ ਦੇ ਮਨਸੂਬਿਆਂ ‘ਤੇ ਪਾਣੀ ਫੇਰਿਆ ਜਾ ਸਕੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸੂਬਾ ਸਰਕਾਰ ਵਲੋਂ ਮਿੱਥੇ ਗਈ ਟੀਚੇ ਨੂੰ ਸਫ਼ਲ ਬਣਾਇਆ ਜਾ ਸਕੇ।

ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

Leave a Reply

Your email address will not be published. Required fields are marked *