ਨੰਬਰਦਾਰਾਂ ਅਤੇ ਗ੍ਰਾਮ ਪੰਚਾਇਤ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਪਰਾਲੀ ਸਾੜਨ ਸਬੰਧੀ ਕੀਤਾ ਜਾਵੇ ਜਾਗਰੂਕ ਕੀਤਾ

  • ਐਸ.ਏ.ਐਸ.ਨਗਰ, 7 ਅਕਤੂਬਰ, 2024:
    ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਨੰਬਰਦਾਰਾਂ ਅਤੇ ਗ੍ਰਾਮ ਪੰਚਾਇਤ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਉਹ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਤਾਂ ‘ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
    ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ ਦਾ ਜਾਇਜ਼ਾ ਲੈਂਦਿਆਂ ਡੀ ਸੀ ਜੈਨ ਨੇ ਕਿਹਾ ਕਿ ਸਿਰਫ ਨੰਬਰਦਾਰਾਂ ਅਤੇ ਚੋਣ ਲੜਨ ਵਾਲੇ ਉਮੀਦਵਾਰ ਹੀ ਨਹੀਂ, ਜੇਕਰ ਕੋਈ ਸਰਕਾਰੀ ਕਰਮਚਾਰੀ ਵੀ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਸਬੰਧਤ ਕਰਮਚਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਵੀ ਕੀਤੀ ਜਾਵੇਗੀ। 
    ਉਨ੍ਹਾਂ ਕਿਹਾ ਕਿ ਹੁਣ ਤੱਕ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੀਆਂ ਛੇ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨਾਂ ਦੇ ਮਾਲਕਾਂ ਦੀਆਂ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਦਰਜ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਵਾਤਾਵਰਣ ਮੁਆਵਜ਼ਾ ਵੀ ਲਗਾਇਆ ਗਿਆ ਹੈ।
    ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਕਸਟਮ ਹਾਇਰਿੰਗ ਸੈਂਟਰਾਂ, ਪੰਚਾਇਤਾਂ ਅਤੇ ਵਿਅਕਤੀਗਤ ਕਿਸਾਨਾਂ ਦੁਆਰਾ ਲੋੜ ਅਨੁਸਾਰ ਮੁਹੱਈਆ ਕਰਵਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ 50 ਤੋਂ 80 ਫੀਸਦੀ ਤੱਕ ਸਬਸਿਡੀ ‘ਤੇ ਇਹ ਮਸ਼ੀਨਰੀ ਮੁਹੱਈਆ ਕਰਵਾਈ ਹੋਈ ਹੈ। ਉਨ੍ਹਾਂ ਕਿਹਾ ਵਾਢੀ ਕਰ ਰਹੇ ਜਾਂ ਵਾਢੀ ਮੁਕਾ ਚੁੱਕੇ ਕਿਸਾਨਾਂ ਲਈ ਮਸ਼ੀਨਰੀ ਦੀ ਲੋੜ ਲਈ ਪਿੰਡ ਦੇ ਨੋਡਲ ਅਫ਼ਸਰ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਹੈ। 
    ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਂਝੀ ਨਿਗਰਾਨੀ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪਰਾਲੀ ਸਾੜਨ ‘ਤੇ ਰੋਕ ਲਗਾਉਣ ਲਈ ਤਾਇਨਾਤ ਕੀਤੇ ਗਏ ਅਧਿਕਾਰੀ ਵਾਢੀ ਅਧੀਨ ਖੇਤਰਾਂ ਨੂੰ ਲਗਾਤਾਰ ਦੇਖਦੇ ਰਹਿਣ ਤਾਂ ਜੋ ਪਰਾਲੀ ਸਾੜਨ ਦੀ ਕੋਈ ਸੰਭਾਵਨਾ ਨਾ ਬਣੇ।
    ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ ਨੂੰ ਉਨ੍ਹਾਂ ਪਿੰਡਾਂ ਵਿੱਚ ਸੇਵਾਵਾਂ ਲੈਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਮਾਲਕਾਂ ਦੇ ਸੰਪਰਕ ਨੰਬਰ ਆਪਣੇ ਨਾਲ ਰੱਖਣੇ ਚਾਹੀਦੇ ਹਨ, ਜਿੱਥੇ ਉਨ੍ਹਾਂ ਨੂੰ ਤਾਇਨਾਤ ਕੀਤਾ ਗਿਆ ਹੈ। 
    ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਏ ਡੀ ਸੀ (ਡੀ) ਸੋਨਮ ਚੌਧਰੀ, ਐਸ ਡੀ ਐਮਜ਼ ਗੁਰਮੰਦਰ ਸਿੰਘ, ਅਮਿਤ ਗੁਪਤਾ ਅਤੇ ਦਮਨਦੀਪ ਕੌਰ, ਸੀ ਐਮ ਐਫ ਓ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਡੀ ਆਰ ਓ ਅਮਨਦੀਪ ਚਾਵਲਾ ਅਤੇ ਤਹਿਸੀਲਦਾਰ ਬੀਰਕਰਨ ਸਿੰਘ ਡੇਰਾਬੱਸੀ, ਅਰਜੁਨ ਸਿੰਘ ਗਰੇਵਾਲ ਮੁਹਾਲੀ ਅਤੇ ਜ਼ਿਲ੍ਹੇ ਦੇ ਨਾਇਬ ਤਹਿਸੀਲਦਾਰ ਹਾਜ਼ਰ ਸਨ।

Leave a Reply

Your email address will not be published. Required fields are marked *