ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

ਮਾਲੇਰਕੋਟਲਾ, 17 ਜਨਵਰੀ (000) –

” ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।” ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ।

ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।

ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।

ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ – ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ।

ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *