ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ: ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨੀ ਪਾਣੀ ਦੀ ਮਹੱਤਤਾ, ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਦੱਸਿਆਂ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜ਼ਮੀਨ ਵਿੱਚ ਮੌਜੂਦ ਜਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਹਾਦਸਿਆ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਸੁਰੂ ਹੋ ਚੁੱਕੀ ਹੈ ਅਤੇ ਖੇਤ ਵਿੱਚੋਂ ਤੂੜੀ ਬਣਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਰਹਿੰਦ ਖੁੂੰਹਦ ਬਚਦੀ ਹੈ, ਜਿਸ ਨੂੰ ਬੜੀ ਆਸਾਨੀ ਨਾਲ ਜ਼ਮੀਨ ਵਿੱਚ ਮਿਲਾ ਕੇ ਅਗਲੀ ਬੀਜੀ ਜਾਣ ਵਾਲੀ ਫਸਲ ਲਈ ਖੇਤ ਤਿਆਰ ਕੀਤਾ ਜਾ ਸਕਦਾ ਹੈ। ਫ਼ਸਲ ਦੀ ਬਚੀ ਹੋਈ ਰਹਿੰਦ-ਖੂੰਹਦ ਵਿੱਚ ਲੋੜੀਂਦੇ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜਿਸ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਇਸ ਤੋ ਇਲਾਵਾ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਵੱਲੋ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਵੱਧ ਤੋ ਵੱਧ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਸੰਭਾਲ ਪ੍ਰੇਮੀ ਬਣ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਣਮੁੱਲੇ ਸਰੋਤਾਂ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।

Leave a Reply

Your email address will not be published. Required fields are marked *