ਜਲੰਧਰ, 25 ਅਪ੍ਰੈਲ :
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਸਿਵਲ ਪ੍ਰਸਾਸ਼ਨ ਤੇ ਜ਼ਿਲ੍ਹਾ ਪੁਲਿਸ ਵਲੋਂ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਪਿੰਡ ਸਮਰਾਏ ਵਿਖੇ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਸਿੱਧੇ ਤੌਰ ‘ਤੇ ਫੋਨ ਜ਼ਰੀਏ ਸੂਚਨਾ ਮਿਲਣ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਤੁਰੰਤ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਨੂੰ ਛਾਪਾ ਮਾਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ, ਜਿਸ ਸਦਕਾ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਇਸ ’ਤੇ ਤੁਰੰਤ ਕਾਰਵਾਈ ਕੀਤੀ ਗਈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 103 ਵਿਅਕਤੀਆਂ ਨੂੰ ਇਸ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਛੁਡਾਉਣ ਦੇ ਨਾਮ ’ਤੇ ਗੈਰ ਕਾਨੂੰਨੀ ਢੰਗ ਨਾਲ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਇਸ ਨਸ਼ਾ ਛੁਡਾਊ ਕੇਂਦਰ ਤੋਂ ਛੁਡਵਾ ਲਿਆ ਗਿਆ ਹੈ। ਇਸ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਮਾਤਰਾ ਵਿੱਚ 2005 ਨਸ਼ੀਲੀਆਂ ਗੋਲੀਆਂ, ਜਿਨ੍ਹਾਂ ਵਿੱਚ 67 ਪੈਕਟ ਅਲਪਰਾਜੋਲਮ ਗੋਲੀਆਂ ਅਤੇ 100 ਪੈਕਟ ਪੈਨਾਡੋਲ ਸ਼ਾਮਿਲ ਹਨ, ਜ਼ਬਤ ਕੀਤੀਆਂ ਗਈਆਂ ਹਨ।
ਗੈਰ-ਕਾਨੂੰਨੀ ਢੰਗ ਨਾਲ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲਿਆਂ ਨਕੋਦਰ ਤੋਂ ਸੁਖਜੀਤ ਸਿੰਘ, ਹਰਦੋਫਰਾਲਾ ਤੋਂ ਵਰਿੰਦਰ ਸਿੰਘ, ਲੁਧਿਆਣਾ ਤੋਂ ਅਸ਼ੀਸ ਮਹਿਰਾ, ਤਰਨ ਤਾਰਨ ਤੋਂ ਮਨਿੰਦਰ ਸਿੰਘ ਅਤੇ ਬਠਿੰਡਾ ਤੋਂ ਮਲਕੀਤ ਸਿੰਘ ਦੇ ਖਿਲਾਫ਼ ਇਕ ਐਫ.ਆਈ.ਆਰ.ਦਰਜ ਕੀਤੀ ਗਈ ਹੈ। ਸਾਰੇ ਸੰਚਾਲਕਾਂ ਨੂੰ ਨਸ਼ਾ ਛੁਡਾਊ ਕੇਂਦਰ ਚਲਾਉਣ ਅਤੇ ਭਾਰੀ ਮਾਤਰਾ ਵਿੱਚ ਫੜੀਆਂ ਗਈਆਂ ਨਸ਼ੀਲੀਆਂ ਦਵਾਈਆਂ ਸਬੰਧੀ ਯੋਗ ਦਸਤਾਵੇਜ਼ ਪੇਸ਼ ਨਾ ਕਰ ਸਕਣ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਡਾ.ਅਗਰਵਾਲ ਨੇ ਦੱਸਿਆ ਕਿ ਇਥੋਂ ਛੁਡਾਏ ਗਏ ਵਿਅਕਤੀਆਂ ਨੂੰ ਛੱਡਣ ਤੋਂ ਪਹਿਲਾਂ ਜ਼ਰੂਰੀ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਲਿਆਂਦਾ ਗਿਆ। ਉਪਰੰਤ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਅਪਣਾਈ ਜਾ ਰਹੀ ਜੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਾਕਤ ਨਾਲ ਜ਼ਿਲ੍ਹੇ ਵਿੱਚ ਨਸ਼ਿਆਂ ਦੀਆਂ ਜੜ੍ਹਾਂ ਕੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਪ੍ਰਸ਼ਾਸਨ ਵਲੋਂ ਜਿਥੇ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਵੱਲ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਨੂੰ ਬੰਦ ਕਰਨ ਲਈ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਅਤੇ ਜਾਣਕਾਰੀ ਲਈ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ ਨੰਬਰ 0181-2911969 ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਨਸ਼ਿਆਂ ਸਬੰਧੀ ਗਤੀਵਿਧੀ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਵਟਸਐਪ ਹੈਲਪਲਾਈਨ ਨੰਬਰ 9779-100-200 ’ਤੇ ਸਾਂਝੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਵੇਗੀ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਵੇਗਾ, ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਮਸ਼ੇਰ ਵਿਖੇ ਚਲਾਏ ਜਾ ਰਹੇ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਸਖਤ ਕਾਰਵਾਈ ਕਰਦਿਆਂ 34 ਵਿਅਕਤੀਆਂ ਨੂੰ ਛੁਡਾਇਆ ਗਿਆ ਸੀ।