ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ

ਹੁਸ਼ਿਆਰਪੁਰ, 17 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਅਸਲ ਹਮਦਰਦ ਬਣਦਿਆਂ ਦਲਿਤਾਂ ਦੇ ਸਰਬਪੱਖੀ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ।
ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਉਸਾਰੂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਹਮੇਸ਼ਾ ਦਲਿਤ ਵਰਗ ਨੂੰ ਸਿਰਫ਼ ਤੇ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਨਾ ਮਾਤਰ ਕੰਮ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਸਰਕਾਰੀ ਵਕੀਲਾਂ ਦੀ ਨਿਯੁਕਤੀ ਲਈ ਰਾਖਵਾਂਕਰਨ ਨੂੰ ਯਕੀਨੀ ਬਣਾਉਂਦਿਆਂ ਅਨੁਸੂਚਿਤ ਜਾਤੀਆਂ ਲਈ ਵੱਡਾ ਕਦਮ ਚੁੱਕਿਆ ਹੈ ਜਿਸ ਨਾਲ ਵਕਾਲਤ ਪੇਸ਼ੇ ਨਾਲ ਜੁੜੇ ਅਨੁਸੂਚਿਤ ਜਾਤੀ ਉਮੀਦਵਾਰਾਂ ਨੂੰ ਲਾਭ ਹੋਵੇਗਾ।
ਪੰਜਾਬ ਸਰਕਾਰ ਦੇ ਹਰ ਦਫ਼ਤਰ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸਰਕਾਰ ਭਗਤ ਸਿੰਘ ਦੀਆਂ ਲੱਗੀਆਂ ਫੋਟੋਆਂ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਲਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ ਸਦਕਾ ਪੰਜਾਬ ਵਿਚ ਹਰ ਵਰਗ ਦਾ ਇਕਸਾਰ ਵਿਕਾਸ ਲਈ ਜੀਅ ਤੋੜ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਜਿੰਪਾ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦਫ਼ਤਰ ਦੀਆਂ 58 ਆਸਾਮੀਆਂ ਵਿਚ ਰਾਖਵੇਂਕਰਨ ਦੀ ਵਿਵਸਥਾ ਕਰਕੇ ਅਨੁਸੂਚਿਤ ਜਾਤੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਸਾਮੀਆਂ ’ਚੋਂ 15 ਆਸਾਮੀਆਂ ਖਾਲੀ ਰਹਿ ਜਾਣ ’ਤੇ ਪੰਜਾਬ ਸਰਕਾਰ ਨੇ ਇਸ ਕੰਮ ਵਿਚ ਅੜਿੱਕਾ ਬਣ ਰਹੀ ਆਮਦਨ ਦੀ ਸਥਿਤੀ ਵਿਚ ਵੀ ਲੋੜੀਂਦਾ ਸੁਧਾਰ ਕਰਕੇ ਇਹ ਆਸਾਮੀਆਂ ਭਰਨ ਦਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਏ.ਜੀ. ਦਫ਼ਤਰ ਦੀਆਂ ਨਿਯੁਕਤੀਆਂ ਲਈ ਰਾਖਵਾਂਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਉਮੀਦਵਾਰਾਂ ਦੀ ਐਡਵੋਕੇਟ ਜਨਰਲ ਦਫ਼ਤਰ ਵਿਚ ਕੋਈ ਆਸਾਮੀ ਖਾਲੀ ਨਹੀਂ ਰਹਿਣ ਦਿੱਤੀ ਅਤੇ ਜਿਹੜੀਆਂ 15 ਆਸਾਮੀਆਂ ਕਿਸੇ ਕਾਰਨ ਰਹਿ ਗਈਆਂ ਸਨ ਉਨ੍ਹਾਂ ਨੂੰ ਵੀ ਭਰਨ ਨੂੰ ਝੰਡੀ ਦੇ ਦਿੱਤੀ ਗਈ ਹੈ।

Leave a Reply

Your email address will not be published. Required fields are marked *