ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ

ਪਟਿਆਲਾ, 22 ਅਪ੍ਰੈਲ:
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਲੋਕ ਨਿਰਮਾਣ ਵਿਭਾਗ ਦੇ ਪਟਿਆਲਾ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸੂਬੇ ਦੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਸਮੇਤ ਸੂਬੇ ਦੀਆਂ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਕੰਮਾਂ ਦਾ ਬਾਰੀਕੀ ਨਾਲ ਮੁਲੰਕਣ ਕੀਤਾ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਇਕ-ਇਕ ਪੈਸਾ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਦੇਣ ‘ਤੇ ਖਰਚ ਕੀਤਾ ਜਾ ਰਿਹਾ ਹੈ, ਇਸ ਲਈ ਵਿਭਾਗ ਦੇ ਅਧਿਕਾਰੀ ਉਸਾਰੀ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਹਰਭਜਨ ਸਿੰਘ ਈ.ਟੀ.ਓ ਨੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਵਿੱਚ ਕੀਤੇ ਜਾ ਰਿਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਕੰਮ ਤੈਅ ਸਮੇਂ ਵਿੱਚ ਪੂਰੇ ਹੋਣ ਤੇ ਜੇਕਰ ਕੰਮਾਂ ਵਿੱਚ  ਕਿਸੇ ਹੋਰ ਵਿਭਾਗ ਵੱਲੋਂ ਮਨਜੂਰੀਆਂ ਜਾਂ ਇਤਰਾਜ਼ਹੀਣਤਾ ਆਦਿ ਪ੍ਰਾਪਤ ਹੋਣ ਵਿੱਚ ਦੇਰੀ ਹੋ ਰਹੀ ਹੈ ਤਾਂ ਉਸ ਵਿੱਚ ਤੇਜੀ ਲਿਆਂਦੀ ਜਾਵੇ  ਤਾਂ ਜੋ ਕੋਈ ਵੀ ਕੰਮ ਇਨ੍ਹਾਂ ਵਿੱਚ ਦੇਰੀ ਕਾਰਨ ਲੰਬਿਤ ਨਾ ਹੋਵੇ।
ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਕਰੀਬ 150 ਸਾਲਾ ਪੁਰਾਣੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਵਿਭਾਗ ਸੂਬੇ ਦੇ ਵਿਕਾਸ ਦੀ ਰੀਡ ਦੀ ਹੱਡੀ ਹੈ ਤੇ ਇਸ ਵਿਭਾਗ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਖ਼ੁਦ ਸਮੇਂ ਸਮੇਂ ‘ਤੇ ਜਾਇਜ਼ਾ ਲੈਣਾ ਯਕੀਨੀ ਬਣਾਉਣ ਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੀ ਕਾਰਵਾਈ ਨੂੰ ਹੋਰ ਤੇਜ਼ ਕਰਨ ਤਾਂ ਜੋ ਸੂਬੇ ਦੇ ਵਿਕਾਸ ਦਾ ਪਹੀਆਂ ਹੋਰ ਤੇਜ਼ੀ ਨਾਲ ਚੱਲ ਸਕੇ।
ਇਸ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦੇ ਕੰਮ-ਕਾਜ ਦਾ ਜਾਇਜ਼ਾ ਲੈਂਦਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਪ੍ਰਾਜੈਕਟ ਤੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਮੁੱਖ ਦਫ਼ਤਰ ਵਿੱਖੇ ਕੰਮ ਕਰਦੇ ਲੱਗਭਗ 300 ਦੇ ਕਰੀਬ ਮੁਲਾਜ਼ਮਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਮੁਲਾਜ਼ਮਾਂ ਨੂੰ ਪੇਸ਼ ਆਉਂਦੀਆਂ ਦਿੱਕਤਾਂ ਵੀ ਸੁਣੀਆਂ।
ਇਸ ਮੌਕੇ ਵਿਭਾਗ ਦੇ ਸਮੂਹ ਨਿਗਰਾਨ ਇੰਜੀਨੀਅਰ ਸਮੇਤ ਵੱਖ-ਵੱਖ ਬ੍ਰਾਚਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Leave a Reply

Your email address will not be published. Required fields are marked *