Sunday, March 15
Shadow

ਸਿਹਤ ਵਿਭਾਗ ਵੱਲੋਂ ਵਧਦੀ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਮਾਨਸਾ 21 ਮਈ:
ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਜੋ ਲੋਕ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਣ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 42 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਹਰਦੇਵ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮ ਲੂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।
ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਗਰਮ ਲੂ ਲਈ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ’ਤੇ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ, ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ।
ਉਨ੍ਹਾਂ ਕਿਹਾ ਕਿ ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰ ਬਾਹਰ ਨਹੀਂ ਜਾਣਾ ਚਾਹੀਦਾ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖਣਾ ਚਾਹੀਦਾ ਹੈ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇੰਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਵੀ ਸਕੂਲੀ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਗਰਮ ਲੂ ਤੋਂ ਬਚਾਅ ਸਬੰਧੀ ਵੱਖ ਵੱਖ ਕੈਂਪ ਲਗਾ ਕੇ ਜਾਗਰੂਕ ਕੀਤਾ ਜਾਵੇਗਾ।

Leave a Reply

Your email address will not be published. Required fields are marked *