Wednesday, November 25
Shadow

ਸਕੀਮ ਨੰਬਰ-2 ‘ਚ 36.20 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਵਿਧਾਇਕ ਜਿੰਪਾ ਨੇ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 25 ਨਵੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਸਕੀਮ ਨੰਬਰ-2 (ਰਾਜੀਵ ਗਾਂਧੀ ਐਵਨਿਊ) ਵਿੱਚ ਫਗਵਾੜਾ ਰੋਡ ਵੱਲ ਸਥਿਤ ਪਲਾਟਾਂ ਦੇ ਸਾਹਮਣੇ ਸੜਕ ਨਿਰਮਾਣ ਅਤੇ ਸੁੰਦਰੀਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ। ਕਰੀਬ 36.20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਕਾਰਜ ਤਹਿਤ 32 ਫੁੱਟ ਚੌੜੀ ਅਤੇ ਲਗਭਗ 720 ਫੁੱਟ ਲੰਬੀ ਸੜਕ ‘ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸੜਕ ਦੇ ਨਾਲ ਲੱਗਦੇ ਗੰਦੇ ਨਾਲੇ ‘ਤੇ ਕੰਕਰੀਟ ਦੀ ਸਲੈਬ ਪਾਉਣ ਦਾ ਕੰਮ ਵੀ ਕਰਵਾਇਆ ਜਾਵੇਗਾ। ਇਸ ਪ੍ਰੋਜੈਕਟ ਦਾ ਕੁੱਲ ਖੇਤਰਫਲ ਲਗਭਗ 23 ਹਜ਼ਾਰ ਵਰਗ ਫੁੱਟ ਹੈ।

           ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਇਲਾਕਾ ਵਾਸੀਆਂ ਦੀਆਂ ਲੋੜਾਂ ਅਤੇ ਜਾਇਜ਼ ਮੰਗਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਕੀਮ ਨੰਬਰ-2 ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਦਿਆਂ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

              ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਦੱਸਿਆ ਕਿ ਸਕੀਮ ਨੰਬਰ-2 ਦੇ ਇਸ ਹਿੱਸੇ ਵਿੱਚ ਪਿਛਲੇ ਲਗਭਗ 15 ਸਾਲਾਂ ਤੋਂ ਕੋਈ ਵਿਕਾਸ ਕਾਰਜ ਨਹੀਂ ਹੋਇਆ ਸੀ। ਇਲਾਕਾ ਵਾਸੀਆਂ ਦੀ ਜਾਇਜ਼ ਮੰਗ ਨੂੰ ਦੇਖਦਿਆਂ ਟਰੱਸਟ ਵੱਲੋਂ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੀਮ ਨੰਬਰ-2 ਵਿੱਚ ਸੜਕਾਂ ‘ਤੇ ਲੁੱਕ ਪਾਉਣ, ਪਾਣੀ ਦੀ ਸਪਲਾਈ, ਸੀਵਰੇਜ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਸਮੇਤ ਲਗਭਗ 90 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਨ੍ਹਾਂ ਕਾਰਜਾਂ ਦਾ ਉਦੇਸ਼ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ।

             ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *