Wednesday, August 5
Shadow

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ, 5 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਵਧੀਕ ਸਕੱਤਰ, ਬਾਗ਼ਬਾਨੀ, ਸ੍ਰੀ ਲਤੀਫ ਅਹਿਮਦ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਟਿਕਾਊ ਵਾਧੇ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਵਰਗੀਆਂ ਸਹਾਇਕ ਗਤੀਵਿਧੀਆਂ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਸਾਬਤ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕੈਬਨਿਟ ਮੰਤਰੀ ਨੇ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣੇਗੀ। ਉਨ੍ਹਾਂ ਵਿਭਾਗ ਨਾਲ ਸਬੰਧਤ ਵੱਖ-ਵੱਖ ਅਹਿਮ ਪ੍ਰਸ਼ਾਸਕੀ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਕਿਸਾਨ-ਹਿੱਤ ਨਾਲ ਜੁੜੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *