Jalandhar News: ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮੰਗਲਵਾਰ 19 ਦਸੰਬਰ ਨੂੰ 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਸੰਸਦ ਮੈਂਬਰਾਂ ਵਿੱਚ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਨਾਂ ਵੀ ਸ਼ਾਮਲ ਹੈ। ਅਹਿਮ ਗੱਲ ਹੈ ਕਿ ਸੁਸ਼ੀਲ ਰਿੰਕੂ ਨੂੰ ਦੂਜੀ ਵਾਰ ਮੁਅੱਤਲ ਕਰ ਦਿੱਤਾ ਗਿਆ ਹੈ। ਸੁਸ਼ੀਲ ਰਿੰਕੂ ਨੇ ਕਿਹਾ ਕਿ ਜਿਹੜੇ ਲੋਕ ਸਦਨ ‘ਚ ਗਾਲਾਂ ਕੱਢ ਰਹੇ ਹਨ, ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ। ਦੂਜੇ ਪਾਸੇ ਸੱਚ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਤੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ।
ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਦਹਿਸ਼ਤ ਫੈਲਾ ਕੇ ਆਪਣੀ ਗੱਲ ਮਨਵਾਉਣਾ ਚਾਹੁੰਦੀ ਹੈ। ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਗੰਦੀ ਰਾਜਨੀਤੀ ਕਰ ਰਹੀ ਹੈ। ਇਸ ਦਾ ਜਵਾਬ ਲੋਕ ਚੋਣਾਂ ਵਿੱਚ ਦੇਣਗੇ। ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸਖ਼ਤ ਜਵਾਬ ਦੇਣਗੇ। ਕੇਂਦਰ ਸਰਕਾਰ ਸਾਡੀ ਆਵਾਜ਼ ਨੂੰ ਦਬਾ ਨਹੀਂ ਸਕਦੀ।
ਦੱਸ ਦਈਏ ਕਿ ਸੋਮਵਾਰ ਯਾਨੀ 18 ਦਸੰਬਰ ਨੂੰ ਕੁੱਲ 78 ਸੰਸਦ ਮੈਂਬਰਾਂ (ਲੋਕ ਸਭਾ-33, ਰਾਜ ਸਭਾ-45) ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇੱਕ ਦਿਨ ਵਿੱਚ ਇੰਨੇ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 1989 ਵਿੱਚ ਰਾਜੀਵ ਗਾਂਧੀ ਸਰਕਾਰ ਵਿੱਚ 63 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ। ਪਿਛਲੇ ਹਫ਼ਤੇ ਵੀ 14 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ।
ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਦੀ ਮਿਮਿਕਰੀ ਵੀਡੀਓ ਨੂੰ ਲੈ ਕੇ ਸਦਨ ਵਿੱਚ ਨਾਰਾਜ਼ਗੀ ਜਤਾਈ। ਉਨ੍ਹਾਂ ਸਦਨ ‘ਚ ਕਿਹਾ ਕਿ ਇੱਕ ਸੰਸਦ ਮੈਂਬਰ ਨੇ ਟੀਵੀ ‘ਤੇ ਨਿਘਾਰ ਦੀਆਂ ਹੱਦਾਂ ਪਾਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸੀਮਾ ਹੁੰਦੀ ਹੈ। ਚੈਨਲ ਦੇ ਸਾਹਮਣੇ ਸਦਨ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ। ਪ੍ਰਮਾਤਮਾ ਉਨ੍ਹਾਂ ਨੂੰ ਬੁੱਧੀ ਦੇਵੇ।