ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਸਾਫ਼ ਸੁਥਰਾ, ਭ੍ਰਿਸ਼ਟਾਚਾਰ ਮੁਕਤ ਅਤੇ ਵਧੀਆ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸ ਲਈ ਡਿਊਟੀ ਨਿਭਾਉਣ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਕੀਤੀ ਕੋਈ ਵੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਵਿੱਚ ਇੰਜੀਨੀਅਰਿੰਗ ਵਿੰਗ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਦੀ ਸਥਿਤੀ ਬਾਰੇ ਜਾਣਨ ਤੋਂ ਬਾਅਦ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਤੈਅ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਕਿਹਾ ਕਿ ਜਿਹੜੇ ਵੀ ਕੰਮ ਪੈਂਡਿੰਗ ਚੱਲ ਰਹੇ ਹਨ, ਉਹਨਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਅੰਦਰ ਵੱਸਦੀ ਜਨਤਾ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾਂ ਦਿੱਤੀਆਂ ਜਾ ਸਕਣ, ਕਿਉਂਕਿ ਆਮ ਜਨਤਾ ਦੀ ਸੇਵਾ ਹੀ ਸਰਕਾਰ ਦਾ ਮੁੱਖ ਟੀਚਾ ਹੈ ।
ਸ. ਮੁੰਡੀਆਂ ਨੇ ਕਿਹਾ ਕਿ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਉਹ ਹਰ ਹਫ਼ਤੇ ਸਮੀਖਿਆ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਪ੍ਰਾਜੈਕਟਾਂ ਦੀ ਜਮੀਨੀ ਸਥਿਤੀ ਜਾਣਨ ਲਈ ਸਾਈਟਾਂ ਦਾ ਦੌਰਾ ਵੀ ਕਰਨਗੇ, ਇਸ ਲਈ ਅਧਿਕਾਰੀ ਪੂਰੀ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਦੌਰਾਨ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਸਾਰੇ ਅਧਿਕਾਰੀ ਇਹ ਸੁਨਿਸ਼ਚਿਤ ਕਰਨ ਕਿ ਪ੍ਰਾਜੈਕਟਾਂ ਵਿੱਚ ਵਰਤੇ ਜਾਣ ਵਾਲੇ ਮੈਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਜੇਕਰ ਕਿਸੇ ਵੀ ਅਧਿਕਾਰੀ ਵੱਲੋਂ ਇਸ ਗੱਲ ‘ਤੇ ਧਿਆਨ ਨਾ ਦਿੱਤਾ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਪੁੱਡਾ ਦੇ ਸੀ.ਏ. ਤੇ ਟਾਊਨ ਐਂਡ ਕੰਟਰੀ ਪਲਾਨਿੰਗ ਡਾਇਰੈਕਟਰ ਨੀਰੂ ਕਤਿਆਲ ਗੁਪਤਾ, ਗਮਾਡਾ ਦੇ ਏ.ਸੀ.ਏ. ਅਮਰਿੰਦਰ ਸਿੰਘ ਟਿਵਾਣਾ, ਇੰਜੀਨੀਅਰ-ਇਨ-ਚੀਫ, ਪੁੱਡਾ/ਗਮਾਡਾ ਰਾਜੀਵ ਮੌਦਗਿਲ ਅਤੇ ਇੰਜੀਨੀਅਰਿੰਗ ਵਿੰਗ ਦੇ ਹੋਰ ਅਧਿਕਾਰੀ ਮੌਜੂਦ ਰਹੇ। ਵੱਖ-ਵੱਖ ਮੰਡਲ ਇੰਜੀਨੀਅਰਾਂ ਵੱਲੋਂ ਆਪਣੇ ਅਧੀਨ ਪੈਂਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ।