‘ਯੂਥ ਚਲਿਆ ਬੂਥ’ ਦੇ ਸੁਨੇਹੇ ਨਾਲ ਜਾਗਰੂਕਤਾ ਵਾਕਥਾਨ ਦਾ ਆਯੋਜਨ

ਬਠਿੰਡਾ 30 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਖ਼ਰਚਾ ਅਤੇ ਪੁਲਿਸ ਅਬਜ਼ਰਵਰਾਂ ਵਲੋਂ ਆਮ ਜਨਤਾ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਸਬੰਧੀ ‘ਯੂਥ ਚੱਲਿਆ ਬੂਥ’ ਬੈਨਰ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੱਢੀ ਗਈ ਵਾਕਥਾਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੋਟਰ ਜਾਗਰੂਕਤਾ ਰੈਲੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਡੀਸੀ ਤੋਂ ਐਸਐਸਪੀ ਰੈਸੀਡੈਂਸ ਹੁੰਦੀ ਹੋਈ ਸਿਵਲ ਲਾਇਨ ਵਿਖੇ ਸਮਾਪਤ ਹੋਈ।

ਇਸ ਮੌਕੇ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ ਤੇ ਸਾਰੇ ਪ੍ਰਬੰਧ ਕੀਤੇ ਗਏ ਹਨ ਤੇ ਪਹਿਲੀ ਵਾਰ ਵੋਟ ਕਰਨ ਵਾਲੇ ਨੌਜਵਾਨ, ਬਜ਼ੁਰਗ ਅਤੇ ਸਾਰੇ ਵੋਟਰ ਵੱਧ ਚੜ ਕੇ ਮਤਦਾਨ ਵਿੱਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਸਾਡਾ ਹੱਕ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਸਾਰੇ ਵੋਟਰ ਆਪਣੇ ਇਸ ਹੱਕ ਦਾ ਵਰਤੋਂ ਫਰਜ਼ ਸਮਝ ਕੇ ਕਰਨ।

ਰੈਲੀ ਦੇ ਸਮਾਪਤੀ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਲਤੀਫ ਅਹਿਮਦ ਨੇ ਰੈਲੀ ’ਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਖੁਦ ਤੇ ਆਪਣੇ ਦੋਸਤ, ਮਿੱਤਰਾਂ, ਰਿਸ਼ਤੇਦਾਰਾਂ ਨੂੰ ਵੀ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਉਤਸ਼ਾਹਿਤ ਕਰਨ ਤਾਂ ਜੋ ਇਸ ਵਾਰ 70 ਪਾਰ ਮਿਥੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਨੌਜਵਾਨ ਪੀੜ੍ਹੀ ਨੂੰ ਕਿਸੇ ਵੀ ਪ੍ਰਕਾਰ ਦੇ ਲਾਲਚ ਤੋਂ ਬਿਨ੍ਹਾਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਅਤੇ 1 ਜੂਨ (ਦਿਨ ਸ਼ਨੀਵਾਰ) ਨੂੰ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਆਪਣੀ ਜਿੰਮੇਵਾਰ ਨਿਭਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ, ਜ਼ਿਲ੍ਹਾ ਟੀਮ ਸਵੀਪ ਦੇ ਸਹਾਇਕ ਨੋਡਲ ਅਫਸਰ ਸ੍ਰੀ ਸੁਰੇਸ਼ ਕੁਮਾਰ ਗੌੜ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਤੇ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *