ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ:

ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਕੰਗਣ ਖੇੜਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ।

ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਵੀ ਕੀਤਾ।

ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ।

ਇਸ ਮੌਕੇ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਚੰਗੇ ਦੁੱਧ ਉਤਪਾਦਨ ਲਈ ਚੰਗੀ ਖੁਰਾਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਜਾਣੂੰ ਕਰਵਾਇਆ।

ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ’ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ।

Leave a Reply

Your email address will not be published. Required fields are marked *