Wednesday, March 11
Shadow

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾ ਸਸ਼ਕਤੀਕਰਨ ਅਤੇ ਵੋਟਰ ਜਾਗਰੂਕਤਾ ਸਮਾਗਮ ਦਾ ਆਯੋਜਨ

ਮੋਗਾ, 8 ਮਾਰਚ – ਦੇਸ਼ ਵਿਚ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਿਲਾ ਸਸ਼ਕਤੀਕਰਨ ਅਤੇ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਧਰਮਕੋਟ ਦੇ ਐੱਸ ਡੀ ਐੱਮ ਸ਼੍ਰੀਮਤੀ ਚਾਰੂਮਿਤਾ ਸ਼ੇਖਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਬਾਘਾਪੁਰਾਣਾ ਦੇ ਐੱਸ ਡੀ ਐੱਮ ਸ੍ਰ ਹਰਕੰਵਲਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੂਭੀ ਆਂਗਰਾ ਨੇ ਵਿਸ਼ੇਸ਼ ਤੌਰ ਉਤੇ ਹਾਜ਼ਰੀ ਲਗਵਾਈ।
ਇਸ ਮੌਕੇ ਚਾਰੂਮਿਤਾ ਸ਼ੇਖਰ ਨੇ ਸੰਬੋਧਨ ਕਰਦਿਆਂ ਜਿੱਥੇ ਹਰੇਕ ਖੇਤਰ ਵਿੱਚ ਮਹਿਲਾ ਸਸ਼ਕਤੀਕਰਨ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕੀ ਮਹਿਲਾਵਾਂ ਮਾਂ ਦੇ ਰੂਪ ਵਿੱਚ ਬੱਚਿਆਂ ਦਾ ਪਹਿਲਾ ਗੁਰੂ ਹੁੰਦੀਆਂ ਹਨ ਅਤੇ ਇਕ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਮਹਿਲਾਵਾਂ ਦੀ ਮੁੱਖ ਭੁਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਚੋਣ ਪ੍ਰਕਿਰਿਆ ਅਤੇ ਸਾਡੇ ਲੋਕਤੰਤਰ ਦੀ ਵੱਡੀ ਪ੍ਰਾਪਤੀ ਹੈ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਲਗਾਤਾਰ ਵਧ ਰਹੀ ਹੈ। ਚੋਣਾਂ ਵਿੱਚ ਮਹਿਲਾ ਵੋਟਰਾਂ ਵੀ ਪੁਰਸ਼ਾਂ ਦੇ ਮੁਕਾਬਲੇ ਬਰਾਬਰ ਦਾ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਤੋਂ ਲੈ ਕੇ ਸੰਸਦ ਤੱਕ ਮਹਿਲਾਵਾਂ ਦਾ ਸਮਾਜਿਕ ਉਥਾਨ ਵਿੱਚ ਅਹਿਮ ਯੋਗਦਾਨ ਹੈ। ਉਨ੍ਹਾਂ ਦੀ ਭਾਗੀਦਾਰੀ ਅਤੇ ਗਿਣਤੀ ਹੋਰ ਵਧਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਕੇਵਲ ਇਕ ਹੀ ਦਿਨ ਨਹੀਂ ਸਗੋਂ ਸਾਰੇ ਦਿਨ ਹੀ ਸਮਰਪਿਤ ਹਨ।

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਵੋਟਾਂ ਵਿੱਚ ਭਾਗੀਦਾਰੀ ਵਿਸ਼ੇ ਉਤੇ ਮੋਗਾ ਦੇ ਵੱਖ-ਵੱਖ ਸਕੂਲਾਂ ਵਿੱਚ ਲੇਖ ਮੁਕਾਬਲੇ ਕਰਵਾਏ ਗਏ, ਜਿੰਨਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੰਚ ਪ੍ਰਾਪਤੀਆਂ ਵਾਲੀਆਂ ਮਹਿਲਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਘਾਪੁਰਾਣਾ ਦੇ ਐੱਸ ਡੀ ਐੱਮ ਸ੍ਰ ਹਰਕੰਵਲਜੀਤ ਸਿੰਘ, ਜ਼ਿਲ੍ਹਾ ਆਇਕਨ ਸ਼੍ਰੀਮਤੀ ਅਨਮੋਲ ਸ਼ਰਮਾ ਅਤੇ ਸ਼੍ਰੀਮਤੀ ਜਸ ਢਿੱਲੋਂ ਨੇ ਵੀ ਪ੍ਰਭਾਵਸ਼ਾਲੀ ਭਾਸ਼ਨ ਦਿੱਤਾ। ਸਮਾਗਮ ਦੌਰਾਨ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਸ੍ਰ ਅਮਨਦੀਪ ਸਿੰਘ ਗੋਸਵਾਮੀ ਨੇ ਮਹਿਲਾ ਦਿਵਸ ਉੱਤੇ ਵਿਸ਼ੇਸ਼ ਭਾਸ਼ਣ ਦਿੱਤਾ। ਇਸ ਮੌਕੇ ਵੱਖ ਵੱਖ ਸਕੂਲਾਂ, ਕਾਲਜਾਂ ਦੇ ਮੁਖੀ, ਗੈਰ-ਸਰਕਾਰੀ ਸੰਸਥਾਵਾਂ ਦੇ ਨੂਮਾਇੰਦੇ, ਆਂਗਨਵਾੜੀ ਵਰਕਰਜ਼, ਯੁਵਕ ਸੇਵਾਵਾਂ ਤੇ ਕਲੱਬਾਂ ਦੇ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *