ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ

ਮਾਨਸਾ, 30 ਮਈ:
ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿੱਚ 01 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਵੋਟਿੰਗ ਲਈ ਸਾਰੀਆਂ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋ ਗਈਆਂ ਹਨ। ਇੰਨ੍ਹਾਂ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 05 ਲੱਖ, 93 ਹਜ਼ਾਰ, 509 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜ਼ਿਲ੍ਹੇ ਅੰਦਰ 645 ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ 6200 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਚੋਣ ਡਿਊਟੀ ਨਿਭਾਉਣਗੇ। ਸੰਵੇਦਨਸ਼ੀਲ ਐਲਾਨ ਬੂਥਾਂ ਅਤੇ ਆਮ ਸੁਰੱਖਿਆ ਲਈ 1877 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਵੋਟਿੰਗ ਕਰਵਾਉਣ ਵਾਸਤੇ 40 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਲੋਕੇਸ਼ਨਾਂ ’ਤੇ ਮਾਈਕਰੋ ਆਬਜ਼ਰਵਰ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਅੰਦਰ ਤਿੰਨ ਪਿੰਕ ਪੋਲਿੰਗ ਬੂਥ ਵੀ ਬਣਾਏ ਗਏ ਹਨ ਜਿੱਥੇ ਕਿ 100 ਫੀਸਦੀ ਚੋਣ ਅਧਿਕਾਰੀ ਤੇ ਕਰਮਚਾਰੀ ਮਹਿਲਾਵਾਂ ਹੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 100 ਫੀਸਦੀ ਵੈਬ ਕਾਸਟਿੰਗ ਵੀ ਕਰਵਾਈ ਜਾਵੇਗੀ, ਜਿਸ ਦਾ ਸਿੱਧਾ ਪ੍ਰਸਾਰਣ ਮੁੱਖ ਚੋਣ ਅਫ਼ਸਰ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿਖੇ ਹੋਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੂਬੇ ਅੰਦਰ ਪੈ ਰਹੀ ਅੱਤ ਦੀ ਗਰਮੀ ਵਿਚ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ’ਤੇ ਵੇਟਿੰਗ ਏਰੀਆ ਬਣਾਏ ਗਏ ਹਨ ਤਾਂ ਜੋ ਵੋਟਰ ਛਾਂ ਵਿੱਚ ਬੈਠ ਕੇ ਆਪਣੀ ਵੋਟ ਪਾਉਣ ਦੀ ਉਡੀਕ ਕਰ ਸਕਣ। ਇਸ ਤੋਂ ਇਲਾਵਾ ਪੋਲਿੰਗ ਬੂਥਾਂ ’ਤੇ ਵੋਟਰਾਂ ਲਈ ਠੰਡੇ ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਅਤੇ ਸਾਰੀਆਂ ਪੋਲਿੰਗ ਲੋਕੇਸ਼ਨਾਂ ’ਤੇ ਆਸ਼ਾ ਵਰਕਰਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਓ.ਆਰ.ਐਸ. ਦੇ ਪੈਕਟਾਂ ਸਮੇਤ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਕਤਾਰ ਸੂਚਨਾ ਐਪ ਵੀ ਜਾਰੀ ਕੀਤੀ ਗਈ ਹੈ ਜਿਸ ਦੀ ਸਹਾਇਤਾ ਨਾਲ ਵੋਟਰ ਆਪਣੀ ਵੋਟ ਪਾਉਣ ਲਈ ਆਉਣ ਸਮੇਂ ਇਸ ਐਪ ਦੀ ਵਰਤੋਂ ਨਾਲ ਪੋਲਿੰਗ ਸਟੇਸ਼ਨਾਂ ’ਤੇ ਲੱਗੀਆਂ ਲਾਈਨਾਂ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

Leave a Reply

Your email address will not be published. Required fields are marked *