ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

ਬਠਿੰਡਾ, 29 ਅਕਤੂਬਰ : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਲੜੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹੇ ਭਰ ਵਿੱਚ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਰਾਜ ਅਤੇ ਇਸ ਦੇ ਨਾਗਰਿਕਾਂ ਦੀ ਅਖੰਡਤਾ ਅਤੇ ਮਾਣ ਵਿਰੁੱਧ ਕੀਤੇ ਗਏ ਘਿਨਾਉਣੇ ਅਪਰਾਧ ਵਰਗਾ ਹੈ, ਫਿਰ ਭਾਵੇਂ ਇਹ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਸੇਵਾ ਲੈਣ ਵਾਲੇ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।
ਇਸ ਮੌਕੇ ਐਸਐਸਪੀ ਵਿਜ਼ੀਲੈਂਸ ਸ. ਹਰਪਾਲ ਸਿੰਘ ਨੇ ਕਿਹਾ ਕਿ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਮਾਗਮ ਦਾ ਮੁੱਖ ਮਕਸਦ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੀ ਸਿਰਜਣਾ ਕਰਨਾ ਅਤੇ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਆਪਣਾ ਸਹਿਯੋਗ ਦਿੱਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫ੍ਰੀ ਨੰਬਰ 1800-1800-1000 ਅਤੇ ਫੋਨ ਨੰਬਰ 0164-2214697 ’ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਰਕਾਰੀ ਰਜਿੰਦਰਾ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *