ਪੰਜਾਬ ਸਰਕਾਰ ਵੱਲੋਂ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 25 ਸਤੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।  ਇਸ ਲਈ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਸਥਾਪਤ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2024-25 ਵਾਸਤੇ 2 ਕਰੋੜ ਦੀ ਰਾਸ਼ੀ ਜ਼ਾਰੀ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਉਸਾਰੀ ਸਕੀਮ ਤਹਿਤ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਰੈਵੀਨਿਊ ਸਾਈਡ ਤੇ ਸਾਲ 2024-25 ਦੌਰਾਨ 2  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਲਈ ਕ੍ਰਮਵਾਰ ਅੰਮ੍ਰਿਤਸਰ ਲਈ 30 ਲੱਖ, ਫਿਰੋਜਪੁਰ ਲਈ 30.85 ਲੱਖ, ਪਟਿਆਲਾ ਲਈ 50 ਲੱਖ, ਸੰਗਰੂਰ ਲਈ 20.50 ਲੱਖ, ਫਰੀਦਕੋਟ ਲਈ 23.47 ਲੱਖ ਅਤੇ ਰੂਪਨਗਰ ਲਈ 45.18 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ. ਬੀ. ਆਰ. ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜ਼ਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ ਛੇ ਜਿਲਿਆਂ ਵਿੱਚੋਂ ਐਸ.ਏ.ਐਸ.ਨਗਰ,  ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।
ਮੰਤਰੀ ਨੇ ਡਾ.ਬੀ.ਆਰ.ਅੰਬੇਦਕਰ ਭਵਨਾ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

Leave a Reply

Your email address will not be published. Required fields are marked *