ਚੰਡੀਗੜ੍ਹ, 16 ਮਈ:
ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਕੱਲੇ-ਕੱਲੇ ਦਾਣੇ ਦੀ ਖਰੀਦ ਕਰਨ ਦੇ ਆਪਣੇ ਵਾਅਦੇ ’ਤੇ ਖ਼ਰੇ ਉਤਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖਰੀਦ ਕੀਤੀ ਹੈ।
ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਸਰਕਾਰ ਨੇ 15 ਮਈ ਨੂੰ ਖਰੀਦ ਸੀਜ਼ਨ ਦੇ ਖ਼ਤਮ ਹੋਣ ਤੱਕ ਮੰਡੀਆਂ ਵਿੱਚ ਪਹੁੰਚੀ ਸਾਰੀ 130.03 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਮੁਕੰਮਲ ਕਰ ਲਈ ਹੈ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਕੀਤੇ ਯਤਨਾਂ ਲਈ ਵਧਾਈ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 119.24 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਦੋਂ ਕਿ ਵਪਾਰੀਆਂ ਨੇ 10.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ । ਇਸ ਤੋਂ ਇਲਾਵਾ, 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 28,571 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਲਿਫਟਿੰਗ ਦੇ ਸਬੰਧ ਵਿੱਚ, ਮੰਤਰੀ ਨੇ ਦੱਸਿਆ ਕਿ 104.51 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ ਫਸਲ ਦੀ ਚੁਕਾਈ ਵੀ ਕੁਝ ਦਿਨਾਂ ਵਿੱਚ ਕਰ ਲਈ ਜਾਵੇਗੀ।
ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ, ਸਰਕਾਰ ਨੇ ਕੁੱਲ 2885 ਮੰਡੀਆਂ/ਖਰੀਦ ਕੇਂਦਰ ਸਥਾਪਤ ਕੀਤੇ ਸਨ, ਜਿਨ੍ਹਾਂ ਵਿੱਚੋਂ 1864 ਨਿਯਮਿਤ ਅਤੇ 1021 ਅਸਥਾਈ ਕੇਂਦਰ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ ) ਅਧੀਨ 1.24 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਲਾਭਪਾਤਰੀਆਂ ਨੂੰ ‘ਈ-ਕੇਵਾਈਸੀ ਐਪ’ ਡਾਊਨਲੋਡ ਕਰਨ ਲਈ ਕਿਹਾ ਤਾਂ ਜੋ ਉਹ ਘਰ ਬੈਠੇ ਹੀ ਈ-ਕੇਵਾਈਸੀ ਪ੍ਰਕਿਰਿਆ ਪੂਰਾ ਕਰ ਸਕਣ। ਇਸ ਤਰ੍ਹਾਂ, ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਲਈ ਵਾਜਿਬ ਅਨਾਜ ਡਿੱਪੂਆਂ(ਐਫਪੀਐਸ) ’ਤੇ ਜਾਣ ਦੀ ਲੋੜ ਨਹੀਂ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਸ਼ਾਮਿਲ ਸਨ।