Sunday, March 8
Shadow

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ

ਸੰਗਰੂਰ, 28 ਅਕਤੂਬਰ:
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਸਬੰਧੀ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ।

ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲੱਗੇ ਆਰ.ਓ. ਦਾ ਟੀ.ਡੀ.ਐਸ ਚੈਕ ਕਰਨ ਸਮੇਤ ਖ਼ਰਾਬ ਆਰ.ਓ. ਨੂੰ ਠੀਕ ਕਰਵਾਉਣ ਅਤੇ ਸਾਰੇ ਸੈਂਟਰਾਂ ਵਿੱਚ ਆਰ.ਓ. ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ ਡੇ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ.ਐਫ.ਐਸ.ਸੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡੀਪੂਆਂ ਦੇ ਬਾਹਰ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪ ਲਾਈਨ ਨੰਬਰ ਅਤੇ ਸੰਪਰਕ ਵੇਰਵੇ ਸਪਸ਼ਟ ਤੌਰ ‘ਤੇ ਲਿਖੇ ਜਾਣ, ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਸਿੱਧਾ ਕਮਿਸ਼ਨ ਤੱਕ ਪਹੁੰਚਾ ਸਕਣ। ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਦੀ ਈ-ਕੇਵਾਈਸੀ ਯਕੀਨੀ ਬਣਾਉਣ ਸਮੇਤ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਵੀ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।

ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਜ਼ਿਲ੍ਹੇ ਦੇ ਉਹਨਾਂ ਆਂਗਣਵਾੜੀ ਸੈਂਟਰਾਂ ਵਿੱਚ ਹਰਬਲ ਗਾਰਡਨ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਜਿਥੇ ਜਗ੍ਹਾ ਦੀ ਉਪਲਬਧਤਾ ਹੈ। ਉਹਨਾਂ ਕਿਹਾ ਕਿ ਇਸ ਨਾਲ ਹੀ ਬੱਚਿਆਂ ਨੂੰ ਹਰਬਲ ਸਾਮਾਨ ਦੀ ਅਹਿਮੀਅਤ ਸਬੰਧੀ ਵੀ ਜਾਗਰੂਕ ਕੀਤਾ ਜਾਵੇ।

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਸਰਕਾਰੀ ਪ੍ਰਾਇਮਰੀ ਸਕੂਲ, ਅਨਾਜ ਮੰਡੀ ਵਿਖੇ ਬਣੇ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਇਥੇ ਬਣਾਏ ਨਿਊਟਰੀ ਗਾਰਡਨ ਦਾ ਜਾਇਜ਼ਾ ਲਿਆ ਅਤੇ ਸਕੂਲ ਵਿੱਚ ਬਣੇ ਬੱਚਿਆਂ ਦੇ ਮਿਡ ਡੇ ਮੀਲ ਦਾ ਜਾਂਚ ਕੀਤੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾਂ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮੰਗਵਾਲ ਵਿਖੇ ਬਣੇ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਮਾਵਾਂ ਨਾਲ ਇਥੇ ਮਿਲ ਰਹੀਆਂ ਸੇਵਾਵਾਂ ਸਬੰਧੀ ਗੱਲਬਾਤ ਕੀਤੀ। ਇਸ ਉਪਰੰਤ ਉਨ੍ਹਾਂ ਸਰਕਾਰੀ ਗਰਲਜ਼ ਸਕੂਲ ਸੰਗਰੂਰ ਦਾ ਦੌਰਾ ਕਰਕੇ ਮਿਡ ਡੇ ਮੀਲ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਿਰਦੇਸ਼ ਦਿੱਤੇ ਕਿ ਮਿਡ ਡੇ ਮੀਲ ਬਣਾਉਣ ਵਾਲੇ ਕੁੱਕ ਸਿਰ ਢੱਕ ਕੇ ਅਤੇ ਹੱਥ ਧੋ ਕੇ ਖਾਣਾ ਬਣਾਉਣ, ਨਾਲ ਹੀ ਉਨ੍ਹਾਂ ਦੀ ਡਾਕਟਰੀ ਜਾਂਚ ਲਾਜ਼ਮੀ ਤੌਰ ‘ਤੇ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਅਤੇ ਮੌਕੇ ‘ਤੇ ਚੈਕਿੰਗ ਭਵਿੱਖ ਵਿੱਚ ਵੀ ਲਗਾਤਾਰ ਕੀਤੀਆਂ ਜਾਣਗੀਆਂ ਤਾਂ ਜੋ ਕਿਸੇ ਵੀ ਪੱਧਰ ‘ਤੇ ਐਕਟ ਦੀ ਉਲੰਘਣਾ ਨਾ ਹੋ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਡੀ.ਐਫ.ਐਸੀ.ਸੀ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਕੌਰ, ਸਿੱਖਿਆ ਵਿਭਾਗ ਤੋਂ ਮਨਜੀਤ ਕੌਰ ਤੇ ਬਲਜਿੰਦਰ ਸਿੰਘ, ਸੀ.ਡੀ.ਪੀ.ਓ. ਨੇਹਾ ਸਿੰਘ, ਫੂਡ ਸੇਫ਼ਟੀ ਅਫ਼ਸਰ ਸੀਮਾ ਰਾਣੀ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *