Shadow

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਾਸਪੁਰ; 28 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ। ਕਾਦੀਆਂ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਡਰਾਇਆ-ਧਮਕਾਇਆ ਅਤੇ ਸਾਲਾਂਬੱਧੀ ਪੰਜਾਬ ਨੂੰ ਲੁੱਟਿਆ।
ਪੰਜਾਬੀਆਂ ਨੂੰ “ਚੋਰਾਂ, ਲੁਟੇਰਿਆਂ ਅਤੇ ਠੱਗਾਂ” ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ‘ਝਾੜੂ’ ਨੂੰ ਇੰਨੇ ਫੈਸਲਾਕੁੰਨ ਢੰਗ ਨਾਲ ਚਲਾਉਣ ਕਿ ਵਿਰੋਧੀ ਧਿਰ ਨੂੰ ਸੂਬੇ ਨੂੰ ਗੰਧਲਾ ਕਰਨ ਦਾ ਦੁਬਾਰਾ ਕੋਈ ਮੌਕਾ ਨਾ ਮਿਲੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਕੀੜੀ ਸ਼ੂਗਰ ਮਿੱਲ ਦੇ ਗੰਨੇ ਦੇ ਬਕਾਏ ਜਲਦ ਹੀ ਅਦਾ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ, ਜਿਨ੍ਹਾਂ ਵਿੱਚ 90 ਫੀਸਦ ਘਰਾਂ ਲਈ ਜ਼ੀਰੋ ਬਿਜਲੀ ਬਿੱਲ ਅਤੇ 47 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਦਾ ਕੈਸ਼ਲੈੱਸ ਸਿਹਤ ਬੀਮਾ ਸ਼ਾਮਲ ਹੈ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਇਕਜੁਟ ਹੋਣ ਦੀ ਅਪੀਲ ਕੀਤੀ।
ਇਸ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ‘ਤੇ ਲਿਖਿਆ: “ਮਾਝੇ ਦੀ ਬਹਾਦਰ ਧਰਤੀ ਅਤੇ ਕਾਦੀਆਂ ਹਲਕੇ ਦੇ ਲੋਕਾਂ ਦਾ ਅਥਾਹ ਪਿਆਰ ਅਤੇ ਸਨੇਹ ਲਈ ਤਹਿ ਦਿਲੋਂ ਧੰਨਵਾਦ। ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੈਂ ਐਲਾਨ ਕੀਤਾ ਹੈ ਕਿ ਕਾਦੀਆਂ ਨੂੰ ਹੁਣ ਸਬ-ਡਵੀਜ਼ਨ ਬਣਾਇਆ ਜਾਵੇਗਾ। ਐਸ.ਡੀ.ਐਮ., ਡੀ.ਐਸ.ਪੀ., ਅਤੇ ਏ.ਡੀ.ਸੀ. ਦੇ ਦਫ਼ਤਰ ਇੱਕੋ ਆਧੁਨਿਕ ਇਮਾਰਤ ਤੋਂ ਕੰਮ ਕਰਨਗੇ, ਜਿਸ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਹੁੰਦੀ ਖ਼ੁਆਰੀ ਖ਼ਤਮ ਹੋਵੇਗੀ। ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਗੁਰਇਕਬਾਲ ਸਿੰਘ ਮਾਹਲ ਨੂੰ ਹਲਕੇ ਦਾ ਨਵਾਂ ਸੇਵਾਦਾਰ ਨਿਯੁਕਤ ਕੀਤਾ ਗਿਆ ਹੈ।”
“ਰਵਾਇਤੀ ਸਿਆਸੀ ਆਗੂਆਂ ਵੱਲੋਂ ਸ਼ੋਸ਼ਣ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ। ਅੱਜ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਅਤੇ 47 ਲੱਖ ਪਰਿਵਾਰ ਪਹਿਲਾਂ ਹੀ 10 ਲੱਖ ਰੁਪਏ ਦੇ ਕੈਸ਼ਲੈੱਸ ਸਿਹਤ ਇਲਾਜ ਦੇ ਕਾਰਡ ਪ੍ਰਾਪਤ ਕਰ ਚੁੱਕੇ ਹਨ। ਆਓ, ਅਸੀਂ ਸਾਰੇ ਮਿਲ ਕੇ ਖੁਸ਼ਹਾਲ ਪੰਜਾਬ ਦਾ ਨਿਰਮਾਣ ਕਰੀਏ।”
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵੱਡਾ ਇਕੱਠ ਦਰਸਾਉਂਦਾ ਹੈ ਕਿ ਕਾਦੀਆਂ ਦੇ ਲੋਕ ਬਦਲਾਅ ਲਿਆਉਣ ਅਤੇ ਇਸ ਹਲਕੇ ਨੂੰ ਉਸ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਜਿਸ ਨੇ ਦਹਾਕਿਆਂ ਤੱਕ ਇੱਥੇ ਰਾਜ ਕੀਤਾ ਹੈ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਪਰ ਸਾਡੀ ਸਰਕਾਰ ਨੇ ਇਸ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਸਰਹੱਦ ‘ਤੇ ਰਹਿਣ ਵਾਲੇ ਲੋਕ ਸੱਚੇ ਦੇਸ਼ ਭਗਤ ਹਨ ਜੋ ਹਮੇਸ਼ਾ ਦੇਸ਼ ਦੇ ਨਾਲ ਚੱਟਾਨ ਵਾਂਗ ਖੜ੍ਹੇ ਰਹੇ ਹਨ, ਅਤੇ ਸਾਡੀ ਸਰਕਾਰ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ, “ਇਸ ਵਿਧਾਨ ਸਭਾ ਹਲਕੇ ਦੀ ਲੰਮਾ ਸਮਾਂ ਨੁਮਾਇੰਦਗੀ ਕਰਨ ਵਾਲੇ ਸਮੱਗਲਰਾਂ ਨੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਾ ਚਾਹੀਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਆਂਢ-ਗੁਆਂਢ ਦੀਆਂ ਬੇਕਰੀਆਂ ਵਿੱਚ ਬਣੇ ਬਿਸਕੁਟ ਖਾ ਕੇ ਵੱਡੇ ਹੋਏ ਹਾਂ, ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਇਹ ਆਗੂ ਆਪਣੇ ਪਿਉ-ਦਾਦਿਆਂ ਦੁਆਰਾ ਸਮੱਗਲ ਕੀਤੇ ਸੋਨੇ ਦੇ ਬਿਸਕੁਟ ਖਾਂਦੇ ਰਹੇ ਹਨ। ਉਨ੍ਹਾਂ ਕੋਲ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਜਨਤਾ ਦੀ ਸੇਵਾ ਲਈ ਕੋਈ ਵਚਨਬੱਧਤਾ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਹਮੇਸ਼ਾ ਸੱਤਾ ‘ਤੇ ਕਾਬਜ਼ ਹੋਣਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਲੋਕ ਬੇਕਰੀ ਦੇ ਬਿਸਕੁਟਾਂ ਅਤੇ ਸੋਨੇ ਦੇ ਬਿਸਕੁਟਾਂ ਵਿਚਕਾਰ ਫਰਕ ਨੂੰ ਸਮਝਣ।”
ਉਨ੍ਹਾਂ ਕਿਹਾ, “ਇਨ੍ਹਾਂ ਸ਼ਾਹੀ ਆਗੂਆਂ ਦਾ ਆਮ ਪੰਜਾਬੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਨ੍ਹਾਂ ਦੀਆਂ ਗੱਡੀਆਂ, ਕੱਪੜੇ ਅਤੇ ਜੀਵਨ ਸ਼ੈਲੀ ਸਾਡੇ ਨਾਲੋਂ ਬਿਲਕੁਲ ਵੱਖਰੀ ਹੈ। ਜਿਨ੍ਹਾਂ ਨੇ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਖੇਤਰ ਦੀ ਨੁਮਾਇੰਦਗੀ ਕੀਤੀ, ਉਨ੍ਹਾਂ ਨੇ ਕਦੇ ਵੀ ਇਸ ਦੇ ਵਿਕਾਸ ਲਈ ਕੰਮ ਨਹੀਂ ਕੀਤਾ। ਇਸ ਦੀ ਬਜਾਏ, ਉਨ੍ਹਾਂ ਨੇ ਸੜਕਾਂ ‘ਤੇ ਟੋਲ ਲਾਏ ਅਤੇ ਲੋਕਾਂ ‘ਤੇ ਬੋਝ ਪਾਇਆ। ਇੱਥੋਂ ਤੱਕ ਕਿ ਉਨ੍ਹਾਂ ਦਾ ਆਪਣਾ ਘਰ ਵੀ ਵੰਡਿਆ ਹੋਇਆ ਹੈ, ਜਿਸ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਝੰਡੇ ਲਹਿਰਾ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਨਾਮ ਰਵਾਇਤੀ ਪਾਰਟੀਆਂ ਦੇ ਆਗੂਆਂ ਲਈ ਡਰਾਉਣਾ ਸੁਪਨਾ ਬਣ ਗਿਆ ਹੈ ਕਿਉਂਕਿ ਮੈਂ ਉਨ੍ਹਾਂ ਦੇ ਮਾੜੇ ਕੰਮਾਂ ਨੂੰ ਲੋਕਾਂ ਸਾਹਮਣੇ ਬੇਨਕਾਬ ਕੀਤਾ ਹੈ। ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਦਾ ਪੁੱਤ ਪੰਜਾਬ ਨੂੰ ਸਫ਼ਲਤਾਪੂਰਵਕ ਚਲਾ ਰਿਹਾ ਹੈ। ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਪ੍ਰਵਾਹ ਕੀਤੀ ਹੈ।”
ਕਾਦੀਆਂ ਨੂੰ ਜਲਦ ਹੀ ਸਬ-ਡਵੀਜ਼ਨ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਰੀਆਂ ਰਸਮੀ ਕਾਰਵਾਈਆਂ ਛੇਤੀ ਹੀ ਪੂਰੀਆਂ ਕਰ ਲਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੁੱਬਦਾ ਹੋਇਆ ਜਹਾਜ਼ ਹੈ ਅਤੇ ਇਸ ਦੇ ਸੂਝਵਾਨ ਆਗੂ ਵੀ ਲੋਕਾਂ ਦੇ ਹਿੱਤ ਵਿੱਚ ਪਾਰਟੀ ਛੱਡ ਰਹੇ ਹਨ। ਸਾਲਾਂਬੱਧੀ ਲੋਕਾਂ ਨੇ ਅਕਾਲੀਆਂ ਨੂੰ ਇਹ ਸੋਚ ਕੇ ਵੋਟਾਂ ਪਾਈਆਂ ਕਿ ਉਹ ਮਹਾਨ ਗੁਰੂਆਂ ਦੀ ਪਵਿੱਤਰ ‘ਤਕੜੀ’ ਦੀ ਨੁਮਾਇੰਦਗੀ ਕਰਦੇ ਹਨ, ਪਰ ਉਨ੍ਹਾਂ ਨੇ ਲੋਕਾਂ ਨੂੰ ਲੁੱਟਿਆ ਅਤੇ ਗੈਰ-ਕਾਨੂੰਨੀ ਧੰਦਿਆਂ ਵਿੱਚੋਂ ਹਿੱਸਾ ਲਿਆ।”
ਮੁੱਖ ਮੰਤਰੀ ਨੇ ਕਿਹਾ, “ਅਕਾਲੀ, ਕਾਂਗਰਸ ਅਤੇ ਭਾਜਪਾ ਜਾਣਦੇ ਹਨ ਕਿ ਉਹ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ। ਇਸੇ ਕਰਕੇ ਉਹ ਨਕਲੀ ਵੀਡੀਓਜ਼ ਰਾਹੀਂ ਧਾਰਮਿਕ ਮੁੱਦਿਆਂ ‘ਤੇ ਮੈਨੂੰ ਬਦਨਾਮ ਕਰਨ ਲਈ ਇਕੱਠੇ ਹੋਏ ਹਨ। ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਲੋਕਾਂ ‘ਤੇ ਅਣਗਿਣਤ ਨਾ-ਮਾਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਨੇ ਸੂਬੇ ਨੂੰ ਤਬਾਹ ਕਰਨ ਵਾਲੇ ਮਾਫ਼ੀਏ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ, ਜਿਸ ਨੇ ਉਨ੍ਹਾਂ ਦੇ ਲੰਬੇ ਸ਼ਾਸਨਕਾਲ ਦੌਰਾਨ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਸੀ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ 43,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਨਵੀਨੀਕਰਨ ਕਰ ਰਹੀ ਹੈ ਅਤੇ ਠੇਕੇਦਾਰਾਂ ਨੂੰ ਉਨ੍ਹਾਂ ਦੀ ਦੇਖਭਾਲ ਲਈ ਜ਼ਿੰਮੇਵਾਰ ਬਣਾਇਆ ਗਿਆ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਸਮਝਦਾਰੀ ਨਾਲ ਵਰਤਿਆ ਜਾਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਕਦੇ ਅਸੰਭਵ ਮੰਨਿਆ ਜਾਂਦਾ ਸੀ।”
ਮੁੱਖ ਮੰਤਰੀ ਨੇ ਕਿਹਾ, “ਲੋਕਾਂ ਤੋਂ ਇਕੱਠਾ ਕੀਤਾ ਗਿਆ ਟੈਕਸ ਦਾ ਪੈਸਾ ਉਨ੍ਹਾਂ ਦਾ ਹੀ ਹੈ, ਅਤੇ ਸਾਡੀ ਸਰਕਾਰ ਇਸ ਨੂੰ ਇਮਾਨਦਾਰੀ ਨਾਲ ਉਨ੍ਹਾਂ ਦੀ ਭਲਾਈ ‘ਤੇ ਖਰਚ ਕਰ ਰਹੀ ਹੈ। ਹਰ ਰੁਪਿਆ ਵਿਕਾਸ, ਬਿਹਤਰ ਸਕੂਲਾਂ, ਮਿਆਰੀ ਸਿਹਤ ਸੇਵਾਵਾਂ, ਸੁਧਰੀਆਂ ਸੜਕਾਂ ਅਤੇ ਜਨਤਕ ਬੁਨਿਆਦੀ ਢਾਂਚੇ ‘ਤੇ ਲਾਇਆ ਜਾ ਰਿਹਾ ਹੈ। ਲੋਕਾਂ ਦਾ ਪੈਸਾ ਹੁਣ ਕੁਝ ਲੋਕਾਂ ਦੀਆਂ ਜੇਬਾਂ ਭਰਨ ਦੀ ਬਜਾਏ ਲੋਕਾਂ ਤੱਕ ਪਹੁੰਚ ਰਿਹਾ ਹੈ।”
ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਦਿੱਤੀਆਂ ਹਨ, ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕੀਤਾ, ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਬਚਾਏ ਹਨ, ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਹੈ, ਆਧੁਨਿਕ ਬੁਨਿਆਦੀ ਢਾਂਚਾ ਬਣਾਇਆ ਹੈ ਅਤੇ ਪੰਜਾਬ ਦੀ ਭਲਾਈ ਲਈ ਕਈ ਹੋਰ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਅੱਜ ਇਹ ਅੰਕੜਾ ਵਧ ਕੇ 80 ਫੀਸਦ ਤੋਂ ਵੱਧ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਲਈ ਪਾਣੀ ਦੀ ਉਪਲਬਧਤਾ ਵਧੀ ਹੈ ਅਤੇ ਜ਼ਮੀਨ ਹੇਠਲੇ ਪਾਣੀ ‘ਤੇ ਨਿਰਭਰਤਾ ਘਟੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ, ਅਤੇ ਇਹ ਯਕੀਨੀ ਬਣਾਉਣ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਹਰ ਪਿੰਡ ਦਾ ਸਰਵਪੱਖੀ ਵਿਕਾਸ ਹੋਵੇ।”
ਮੁੱਖ ਮੰਤਰੀ ਨੇ ਕਿਹਾ, “ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ, ਪੰਜਾਬ ਸਰਕਾਰ 15 ਜੁਲਾਈ ਤੱਕ ਸੂਬੇ ਭਰ ਵਿੱਚ 3,100 ਨਵੇਂ ਬਣੇ ਕੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰੇਗੀ। ਨਸ਼ਿਆਂ ਵਿਰੁੱਧ ਸਾਡੀ ਲੜਾਈ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਮਜ਼ਬੂਤ ਹਥਿਆਰਾਂ ਵਿੱਚੋਂ ਇੱਕ ਹੈ ਕਿਉਂਕਿ ਇਹ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਅਤੇ ਦੇਸ਼ ਦੇ ਨਿਰਮਾਣ ਵੱਲ ਲਗਾਉਂਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਇੱਕ ਵੱਡੀ ਮੁਹਿੰਮ ਵੀ ਸ਼ੁਰੂ ਕੀਤੀ ਹੈ। ਇਨ੍ਹਾਂ ਛੱਪੜਾਂ ਦੀ ਸਫ਼ਾਈ, ਪਾਣੀ ਨੂੰ ਸੋਧਣ ਅਤੇ ਇਸ ਦੀ ਖੇਤੀਬਾੜੀ ਦੇ ਉਦੇਸ਼ਾਂ ਲਈ ਵਰਤੋਂ ਕਰਨ ਵਾਸਤੇ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਇਹ ਪਹਿਲਕਦਮੀ ਤੇਜ਼ੀ ਨਾਲ ਘਟ ਰਹੇ ਜ਼ਮੀਨ ਹੇਠਲੇ ਪਾਣੀ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਕਰੇਗੀ ਅਤੇ ਪੂਰੇ ਪੰਜਾਬ ਵਿੱਚ ਟਿਕਾਊ ਸਿੰਚਾਈ ਨੂੰ ਮਜ਼ਬੂਤ ਕਰੇਗੀ।”

Leave a Reply

Your email address will not be published. Required fields are marked *